ਕਰੰਟ ਲੱਗਣ ਕਾਰਨ ਬਿਜਲੀ ਕਾਮੇ ਦੀ ਮੌਤ
ਹਰਜੀਤ ਸਿੰਘ
ਡੇਰਾਬਸੀ, 3 ਜੂਨ
ਇੱਥੋਂ ਨੇੜਲੇ ਪਿੰਡ ਮੋਰ ਠੀਕਰੀ ਵਿੱਚ ਬਿਜਲੀ ਦੀ ਲਾਈਨ ਠੀਕ ਕਰ ਰਹੇ ਠੇਕੇਦਾਰ ਦੇ ਕਾਮੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਲਖਵੀਰ ਸਿੰਘ ਵਾਸੀ ਪਿੰਡ ਮਟਵਾਲੇ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ।
ਦੂਜੇ ਪਾਸੇ, ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿੱਚ ਰੋਸ ਹੈ। ਉਨ੍ਹਾਂ ਨੇ ਅੱਜ ਪਾਵਰਕੌਮ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਮੁਜ਼ਹਰਾਕਾਰੀਆਂ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ। ਮੁਜ਼ਹਰਾਕਾਰੀਆਂ ਨੇ ਦੱਸਿਆ ਕਿ ਕੱਲ੍ਹ ਲਖਵੀਰ ਮੋਰ ਠੀਕਰੀ ਵਿੱਚ ਟਰਾਂਸਫਾਰਮਰ ’ਤੇ ਬਿਜਲੀ ਠੀਕ ਕਰਨ ਲਈ ਚੜ੍ਹਿਆ ਸੀ। ਇਸ ਦੌਰਾਨ ਅਚਾਨਕ ਉਸ ਨੂੰ ਕਰੰਟ ਲੱਗਣ ਕਾਰਨ ਉਹ ਹੇਠਾਂ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿਹਾ ਕਿ ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਪਰਮਿਟ ਨਹੀਂ ਲਿਆ ਗਿਆ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਕੰਮ ’ਚ ਪਾਵਰਕੌਮ ਦੇ ਅਧਿਕਾਰੀਆਂ ਨੇ ਵੱਡੀ ਲਾਪਰਵਾਹੀ ਵਰਤੀ ਹੈ। ਲਖਵੀਰ ਤਿੰਨ ਸਾਲਾ ਤੋਂ ਠੇਕੇਦਾਰ ਕੋਲ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਕਿਸੇ ਵੀ ਪਾਵਰਕੌਮ ਦੇ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਤੇ ਪਰਿਵਾਰ ਨਾਲ ਕੋਈ ਰਾਬਤਾ ਕਾਇਮ ਨਹੀਂ ਕੀਤਾ। ਇਨਸਾਫ ਨਾ ਮਿਲਦਾ ਦੇਖ ਅੱਜ ਉਹ ਪਾਵਰਕੌਮ ਦੇ ਦਫ਼ਤਰ ਵਿੱਚ ਪਹੁੰਚੇ ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੋਈ ਤਸਲੀਬਖ਼ਸ਼ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਮ੍ਰਿਤਕ ਦੇ ਪਰਿਵਾਰ ਨੂੰ ਵੀਹ ਲੱਖ ਰੁਪਏ ਦਿੱਤੇ ਜਾਣ।
ਐੱਸਡੀਓ ਗੁਰਜਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।