ਕਾਂਗਰਸੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ
ਮਾਲੇਰਕੋਟਲਾ (ਪੱਤਰ ਪ੍ਰੇਰਕ): ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀਆਂ ਕਥਿਤ ਟਿੱਪਣੀਆਂ ਤੋਂ ਖਫ਼ਾ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਡੀ ਗਿਣਤੀ ਕਾਂਗਰਸੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਸਾਬਕਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਅਤੇ ਪੰਜਾਬ ਕਾਂਗਰਸ ਦੀ ਸਕੱਤਰ ਬੀਬਾ ਨਿਸ਼ਾਂਤ ਅਖਤਰ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਦਾਸ ਦੀ ਅਗਵਾਈ ਹੇਠ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਕਮਲ ਧਾਲੀਵਾਲ, ਮੁਹੰਮਦ ਅਨਵਾਰ ਮਹਿਬੂਬ, ਹਰਜਿੰਦਰ ਸਿੰਘ ਕਾਕਾ, ਮੁਹੰਮਦ ਅਨਵਾਰ ਮਹਿਬੂਬ, ਕਾਂਤਾ, ਦਰਬਾਰਾ ਸਿੰਘ ਪੀਏ, ਮਹਿਮੂਦ ਰਾਣਾ, ਮਾਸਟਰ ਮੇਲਾ ਸਿੰਘ, ਬਲਾਕਪ੍ਰਧਾਨ ਅਕਰਮ ਲਿਬੜਾ ਅਤੇ ਨਿਰਮਲ ਸਿੰਘ ਧਲੇਰ ਨੇ ਕਿਹਾ ਕਿ ਰਾਹੁਲ ਗਾਂਧੀ ਖਿਲਾਫ਼ ਅਜਿਹੀਆਂ ਟਿੱਪਣੀਆਂ ਕੋਈ ਵੀ ਕਾਂਗਰਸੀ ਵਰਕਰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਖਿਲਾਫ਼ ਵਰਤੀ ਭਾਸ਼ਾ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਕਾਂਗਰਸੀ ਆਗੂਆਂ ਨੇ ਇਸ ਸਬੰਧੀ ਇਕ ਮੰਗ ਪੱਤਰ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਨੂੰ ਸੌਂਪਿਆ।