ਕਾਂਗਰਸ ਆਗੂਆਂ ਨੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ
ਪੱਤਰ ਪ੍ਰੇਰਕ
ਤਰਨ ਤਾਰਨ, 31 ਮਾਰਚ
ਪੱਟੀ ਇਲਾਕੇ ਦੇ ਕਈ ਪਿੰਡਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਮੀਟਿੰਗਾਂ ਵਿੱਚ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ ਗਈ ਅਤੇ ਔਖ ਦੀ ਹਰ ਘੜੀ ’ਚ ਲੋਕਾਂ ਦਾ ਸਾਥ ਦੇਣ ਦਾ ਯਕੀਨ ਦਿੱਤਾ| ਪੱਟੀ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਨੇ ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਲਾਕੇ ਦੇ ਪਿੰਡ ਝੁੱਗੀਆਂ ਨੱਥਾ ਸਿੰਘ, ਝੁੱਗੀਆਂ ਨੂਰ ਮੁਹੰਮਦ, ਭੰਗਾਲਾ ਅਤੇ ਰਸੂਲ ਵਿੱਚ ਕੀਤੀਆਂ ਮੀਟਿੰਗਾਂ ਵਿੱਚ ਲੋਕਾਂ ਸ਼ਾਮਲ ਹੋਏੇ।
ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਦੋ ਸਾਲ ਪਹਿਲਾਂ ਸਤਿਲੁਜ ਦਰਿਆ ਵਿੱਚ ਆਏ ਹੜ੍ਹਾਂ ਨਾਲ ਕਿਸਾਨਾਂ ਦੀ ਦਰਿਆ ਦੀ ਰੇਤ ਨਾਲ ਖਰਾਬ ਹੋ ਚੁੱਕੀ ਜ਼ਮੀਨ ਨੂੰ ਵਾਹੀਯੋਗ ਬਣਾਉਣ ਲਈ ਹਾਕਮ ਧਿਰ ਵਲੋਂ ਅੱਜ ਤੱਕ ਵੀ ਮੁਆਵਜਾ ਨਾ ਦੇਣ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਵਿਕਾਸ ਦੇ ਸਾਰੇ ਕੰਮ ਠੱਪ ਹੋ ਗਏ ਹਨ ਅਤੇ ਅਮਨ ਕਾਨੂੰਨ ਦੀ ਮਾੜੀ ਹਾਲਤ ਨੇ ਲੋਕਾਂ ਦੇ ਕਾਰੋਬਾਰ ਬੰਦ ਕਰ ਦਿੱਤੇ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵੱਖ ਵੱਖ ਪਿੰਡਾਂ ਤੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨਾਲ ਸਬੰਧਿਤ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ|