ਕਾਂਗਰਸ ’ਚ ਨਵੇਂ ਚਿਹਰੇ ਅੱਗੇ ਲਿਆਉਣ ਦੀ ਲੋੜ ’ਤੇ ਜ਼ੋਰ
ਪੱਤਰ ਪ੍ਰੇਰਕ
ਕੁਰਾਲੀ, 4 ਅਪਰੈਲ
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਨਵੀਂ ਦਿੱਲੀ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰ ਰੱਖੇ ਅਤੇ ਕਾਂਗਰਸ ਪਾਰਟੀ ਨੂੰ ਪੰਜਾਬ ਤੇ ਜ਼ਿਲ੍ਹਾ ਮੁਹਾਲੀ ਵਿੱਚ ਮਜ਼ਬੂਤ ਕਰਨ ਸਬੰਧੀ ਨੁਕਤੇ ਦੱਸੇ। ਜੀਤੀ ਪਡਿਆਲਾ ਨੇ ਪੰਜਾਬ ਕਾਂਗਰਸ ਦੀ ਮਜ਼ਬੂਤੀ ਲਈ ਨੌਜਵਾਨਾਂ ਅਤੇ ਨਵੇਂ ਚਿਹਰੇ ਅੱਗੇ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਤੋਂ ਇਲਾਵਾ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਵੀ ਵਿਚਾਰ ਰੱਖੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਨੂੰ ਉਨ੍ਹਾਂ ਸਮਰਪਿਤ ਵਰਕਰਾਂ ਅਤੇ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ, ਜੋ ਪਾਰਟੀ ਦੇ ਹਰ ਔਖੇ ਸਮੇਂ ਵਿੱਚ ਸਾਥ ਨਿਭਾਉਂਦੇ ਆਏ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਭਲੇ ਸਮਿਆਂ ਦੌਰਾਨ ਅਹੁਦਿਆਂ ਦਾ ਆਨੰਦ ਮਾਣਦੇ ਤੇ ਔਖੇ ਵੇਲੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਦੇ ਹਨ ਅਤੇ ਆਪਣੇ ਹਿੱਤ ਲਈ ਪਾਰਟੀਆਂ ਬਦਲਦੇ ਹਨ, ਉਨ੍ਹਾਂ ਮੌਕਾਪ੍ਰਸਤਾਂ ਲਈ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ।