ਕਾਂਗਰਸ ਤੇ ‘ਆਪ’ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਖ਼ਿਲਾਫ਼ ਮੁਜ਼ਾਹਰੇ
ਗੁਰਬਖਸ਼ਪੁਰੀ
ਤਰਨ ਤਾਰਨ, 20 ਦਸੰਬਰ
ਆਮ ਆਦਮੀ ਪਾਰਟੀ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਵੀ ਸਾੜਿਆ| ਇਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਡਾ. ਅੰਬੇਡਕਰ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ| ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਅਮਿਤ ਸ਼ਾਹ ਨੂੰ ਆਪਣੇ ਮੰਤਰੀ ਮੰਡਲ ਤੋਂ ਤੁਰੰਤ ਬਰਖਾਸਤ ਕਰਨ ਤੇ ਆਪਣੇ ਮੰਤਰੀ ਦੀਆਂ ਟਿੱਪਣੀਆਂ ਲਈ ਲੋਕਾਂ ਤੋਂ ਮੁਆਫੀ ਮੰਗਣ ਦੀ ਦੀ ਮੰਗ ਕੀਤੀ।
ਬਟਾਲਾ (ਦਲਬੀਰ ਸੱਖੋਵਾਲੀਆ):
ਕਾਂਗਰਸ ਨੇ ਸੰਵਿਧਾਨਘਾੜੇ ਡਾ. ਭੀਮ ਰਾਓ ਅੰਬੇਦਕਰ ਬਾਰੇ ਟਿੱਪਣੀ ਨੂੰ ਲੈ ਕੇ ਅੱਜ ਇੱਥੇ ਗਾਂਧੀ ਚੌਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਤੇ ਮੰਗ ਕੀਤੀ ਕੀ ਕਿ ਸ਼ਾਹ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਹੋਰ ਸੀਨੀਅਰ ਲੀਡਰਾਂ ਅਤੇ ਵਰਕਰਾਂ ਵੱਲੋਂ ਅਮਿਤ ਸ਼ਾਹ ਦਾ ਪੁਤਲਾ ਫੂਕਿਆ। ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਲੋਕ ਸਭਾ ’ਚ ਗ੍ਰਹਿ ਮੰਤਰੀ ਵੱਲੋਂ ਡਾ. ਅੰਬੇਦਕਰ ਵਿਰੁੱਧ ਟਿੱਪਣੀ ਕਰਨ ਨਾਲ ਹਰੇਕ ਭਾਰਤੀ ਦੇ ਮਨਾ ਨੂੰ ਠੇਸ ਪਹੁੰਚੀ ਹੈ, ਜਿਸ ਕਰਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਥਾਣਿਆਂ, ਚੌਂਕੀਆਂ ’ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਅਤੇ ਇਸ ਗੰਭੀਰ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਵੀ ਭੰਡਿਆ।
ਪਠਾਨਕੋਟ ’ਚ ਆਪ’ ਨੇ ਡੀਸੀ ਨੂੰ ਮੰਗ ਪੱਤਰ ਸੌਂਪਿਆ
ਪਠਾਨਕੋਟ (ਐਨਪੀ. ਧਵਨ):
ਡਾ. ਭੀਮ ਰਾਓ ਅੰਬੇਡਕਰ ਪ੍ਰਤੀ ਟਿੱਪਣੀ ਦੇ ਰੋਸ ਵਜੋਂ ਇੱਥੇ ‘ਆਪ’ ਨੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਦੀ ਅਗਵਾਈ ਹੇਠ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਡੀਸੀ ਦਫਤਰ ਮੂਹਰੇ ਰੋਸ ਧਰਨਾ ਦਿੱਤਾ ਅਤੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੂੰ ਮੰਗ ਪੱਤਰ ਸੌਂਪਿਆ। ਮੰਟੂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦੱਬੇ ਕੁਚਲੇ ਲੋਕਾਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਲਈ ਮੁੱਖ ਭੂਮਿਕਾ ਨਿਭਾਈ ਸੀ ਪਰ ਅੱਜ ਦੇਸ਼ ਦੀ ਹੁਕਮਰਾਨ ਭਾਜਪਾ ਸਰਕਾਰ ਵੱਲੋਂ ਉਨ੍ਹਾਂ ਨੂੰ ਜਲੀਲ ਕਰ ਰਹੀ ਹੈ।
ਸ਼ਾਹ ਦਾ ਪੁਤਲਾ ਫੂਕਿਆ
ਕਪੂਰਥਲਾ (ਨਿੱਜੀ ਪੱਤਰ ਪ੍ਰੇਰਕ):
‘ਆਪ’ ਆਗੂਆਂ ਤੇ ਵਰਕਰਾਂ ਨੇ ਅੱਜ ਇੱਥੇ ਪੁਰਾਣੀ ਕਚਹਿਰੀ ਸ਼ਿਵ ਮੰਦਰ ਚੌਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਹੇਠ ‘ਆਪ’ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੀਂ ਰਾਸ਼ਟਰਪਤੀ ਅਤੇ ਰਾਜਪਾਲ ਦੇ ਨਾਂ ਮੰਗ ਪੱਤਰ ਦੇ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।