ਕਾਂਗਰਸ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ: ਬੈਂਸ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਮਾਰਚ
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਿਰਫ਼ ਕਾਂਗਰਸ ਪਾਰਟੀ ਹੀ ਸਾਰੇ ਵਰਗਾਂ ਨੂੰ ਨਾਲ ਲੈ ਕੇ ਪੰਜਾਬ ਦਾ ਵਿਕਾਸ ਕਰਦੀ ਹੈ। ਅੱਜ ਕੋਟ ਮੰਗਲ ਵਿੱਖੇ ਸੀਨੀਅਰ ਕਾਂਗਰਸੀ ਆਗੂ ਮੁਖਤਿਆਰ ਸਿੰਘ ਦੀ ਅਗਵਾਈ ਵਿੱਚ ਹੋਏ ਇੱਕ ਸਮਾਗਮ ਦੌਰਾਨ ਉਨ੍ਹਾਂ ਪੁਰਾਣੇ ਕਾਂਗਰਸੀ ਟਕਸਾਲੀ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਪਾਰਟੀ ਸਰਗਰਮੀਆਂ ਤੇਜ਼ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਬੈਂਸ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਹੀ ਪੰਜਾਬ ਨੇ ਹਮੇਸ਼ਾਂ ਤਰੱਕੀ ਕੀਤੀ ਹੈ ਅਤੇ ਪੰਜਾਬ ਵਿਕਾਸ ਦੇ ਰਾਹ ਤੇ ਤੁਰਿਆ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਪੰਜਾਬ ਵਿੱਚ ਕਾਂਗਰਸ ਇੱਕ ਮਜ਼ਬੂਤ ਪਾਰਟੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਪਸ਼ਟ ਬਹੁਮਤ ਹਾਸਲ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਸਾਬਕਾ ਵਿਧਾਇਕ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਭਾਜਪਾ ਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਹੈ। ਇਸਦਾ ਪਤਾ ਲੋਕ ਸਭਾ ਚੋਣਾਂ ਵਿੱਚ ਲੱਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਲਈ ਆਖ਼ਿਰੀ ਬਦਲ ਕਾਂਗਰਸ ਹੀ ਹੈ। ਪੰਜਾਬ ਦਾ ਜੋ ਵਿਕਾਸ ਕਾਂਗਰਸ ਦੇ ਰਾਜ ਵਿੱਚ ਹੋਇਆ ਹੈ ਉਹ ਅੱਜ ਤਕ ਨਹੀਂ ਹੋ ਸਕਿਆ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ। ਦਿਨ ਦਿਹਾੜੇ ਲੁੱਟ ਖੋਹ ਅਤੇ ਕਤਲ ਹੋ ਰਹੇ ਹਨ ਅਤੇ ਫ਼ਿਰੌਤੀਆਂ ਲਈ ਅਗਵਾ ਕਰਨ ਦੇ ਮਾਮਲੇ ਵੱਧ ਰਹੇ ਹਨ ਪਰ ਪੰਜਾਬ ਸਰਕਾਰ ਦੇ ਆਗੂ ਅੱਖਾਂ ਮੀਚੀ ਬੈਠੇ ਹਨ। ਦੂਜੇ ਪਾਸੇ ਪੰਜਾਬ ਦੇ ਲੋਕ ਖ਼ੂਨ ਦੇ ਹੰਝੂ ਵਹਾਉਣ ਲਈ ਮਜ਼ਬੂਰ ਹਨ। ਸਮਾਗਮ ਦੌਰਾਨ ਕੁਲਵੰਤ ਸਿੰਘ ਢਿੱਲੋ, ਸੁਖਦੇਵ ਸਿੰਘ ਪਾਠੀ, ਡਾ: ਸ਼ਮਸ਼ੇਰ ਸਿੰਘ ਸੰਧੂ, ਮੁਖਤਿਆਰ ਸਿੰਘ ਹਾਂਡਾ, ਨਿਰਮਲ ਬਾਂਸਲ, ਰਾਜ ਕੁਮਾਰ, ਤਰਸੇਮ ਸਿੰਘ ਅਤੇ ਗੁਰਚਰਨ ਸਿੰਘ ਵੱਲੋਂ ਸ੍ਰੀ ਬੈਂਸ ਨੂੰ ਸਿਰੋਪਾਓ ਪਾ ਕੇ ਸਨਮਾਨਿਆ ਗਿਆ।