ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ
ਕੁਰਾਲੀ, 28 ਅਪਰੈਲ
ਪਿੰਡ ਪਡਿਆਲਾ ਦੇ ਸ਼ਹੀਦ ਭਗਤ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਾਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਦਕਿ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।
ਪ੍ਰਿੰਸੀਪਲ ਜਸਵੀਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਸਮਾਗਮ ਵਿੱਚ ਖੇਡ ਪ੍ਰਮੋਟਰ ਤੇ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਵਾਈ। ਪ੍ਰਿੰਸੀਪਲ ਜਸਵੀਰ ਕੌਰ ਨੇ ਕਾਲਜ ਦੀ ਰਿਪੋਰਟ ਪੇਸ਼ ਕੀਤੀ।
ਸੰਸਥਾ ਦੀ ਡਾਇਰੈਕਟਰ ਨੇ ਦੱਸਿਆ ਕਿ ਸੰਸਥਾ ਵਿੱਚ ਨਵੇਂ ਸੈਸ਼ਨ ਦੌਰਾਨ 13 ਤਰ੍ਹਾਂ ਦੇ ਕੋਰਸ ਸ਼ੁਰੂ ਕੀਤੇ ਗਏ ਹਨ। ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਜਿਸ ਮਨੋਰਥ ਲਈ ਮਰਹੂਮ ਵਿਧਾਇਕ ਬਚਿੱਤਰ ਸਿੰਘ ਪਡਿਆਲਾ ਵੱਲੋਂ ਕਾਲਜ ਦੀ ਸਥਾਪਨਾ ਕੀਤੀ ਗਈ ਸੀ ਅੱਜ ਵੀ ਇਹ ਕਾਲਜ ਇਲਾਕੇ ਵਿੱਚ ਸਿੱਖਿਆ ਦਾ ਪਸਾਰਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਰਹੂਮ ਰਾਜਬੀਰ ਸਿੰਘ ਪਡਿਆਲਾ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਸੰਸਥਾ ਇਲਾਕੇ ਦੀ ਸੇਵਾ ਕਰਦੀ ਰਹੇਗੀ। ਇਸੇ ਦੌਰਾਨ ਸਿਲਾਈ-ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਾਰਥਣਾਂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।