ਕਾਲਜ ਵਿਦਿਆਰਥਣਾਂ ਵੱਲੋਂ ਅੰਬਾਲਾ ਸ਼ਹਿਰ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਪਰੈਲ
ਇੱਥੇ ਮਾਤਾ ਸੁੰਦਰੀ ਕਾਲਜ ਫਾਰ ਵਿਮੈਨ, ਨਵੀਂ ਦਿੱਲੀ ਦੀ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਾਲਜ ਵਿਦਿਆਰਥਣਾਂ ਦੇ ਜੱਥੇ ਦਾ ਅੰਬਾਲਾ ਸ਼ਹਿਰ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਪਹੁੰਚਣ ਤੇ ਵਿਰਾਸਤ ਸਿੱਖਇਜ਼ਮ ਟਰੱਸਟ ਦੇ ਅੰਤਰਿਮ ਮੈਂਬਰ ਕਰਮ ਸਿੰਘ ਨੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਪ੍ਰਿਤਪਾਲ ਸਿੰਘ ਨੇ ਵੀ ਇਸ ਮੌਕੇ ਦਰਸ਼ਨ ਲਈ ਆਈ ਸੰਗਤ ਨੂੰ ਜੀ ਆਇਆਂ ਆਖਿਆ ਅਤੇ ਕਾਲਜ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ, ਟਰੱਸਟ ਦੇ ਚੇਅਰਮੈਨ ਰਜਿੰਦਰ ਸਿੰਘ ਅਤੇ ਡਾ. ਰਸ਼ਮੀ ਕੌਰ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਨਾਲ ਨਿਵਾਜਿਆ। ਇਸ ਮੌਕੇ ਪ੍ਰਿਤਪਾਲ ਸਿੰਘ ਹੁਰਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਮਾਤਾ ਸੁੰਦਰ ਕੌਰ ਜੀ ਦੇ ਨਾਮ ’ਤੇ ਚੱਲ ਰਹੇ ਕਾਲਜ ਵੱਲੋਂ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਦਾ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ। ਪ੍ਰੋ. ਹਰਪ੍ਰੀਤ ਕੌਰ ਨੇ ਸਮੁੱਚੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਇਸ ਉਪਰਾਲੇ ਦਾ ਮੁੱਖ ਟੀਚਾ ਨੌਜਵਾਨ ਬੱਚਿਆਂ ਨੂੰ ਪਾਵਨ ਇਤਿਹਾਸਕ ਅਸਥਾਨ ਦੇ ਦਰਸ਼ਨ ਦੀਦਾਰੇ ਕਰਵਾ ਕੇ ਗੁਰੂ ਸਾਹਿਬਾਨਾਂ ਦੇ ਇਤਿਹਾਸ ਨਾਲ ਜੋੜਨਾ ਹੈ। ਕਰਮ ਸਿੰਘ ਹੋਰਾਂ ਦੱਸਿਆ ਕਿ ਵਿਰਾਸਤ ਸਿੱਖਇਜ਼ਮ ਟਰੱਸਟ ਵਲੋਂ ਜਲਦੀ ਹੀ ਅੰਬਾਲਾ ਦੇ ਨੌਜਵਾਨ ਬੱਚਿਆਂ ਲਈ ਇੱਕ ਨਵੇਕਲਾ ਪ੍ਰੋਗਰਾਮ ਕਰਵਾਇਆ ਜਾਵੇਗਾ।
ਇਸ ਮੌਕੇ ਵਿਦਿਆਰਥਣਾਂ ਨੂੰ ਗੁਰਦੁਆਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥਣਾਂ ਨੇ ਗੁਰਦੁਆਰੇ ਦੇ ਨਾਲ-ਨਾਲ ਹੋਰ ਰਮਣੀਕ ਥਾਵਾਂ ਦਾ ਵੀ ਦੌਰਾ ਕੀਤਾ ਅਤੇ ਇਤਿਹਾਸਿਕ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਵਿਦਿਆਰਥਣਾਂ ਨੇ ਗੁਰੂ ਘਰ ਲੰਗਰ ਵੀ ਛਕਿਆ।