ਕਿਰਤੀ ਕਿਸਾਨ ਯੂਨੀਅਨ ਨੇ 50 ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ
ਆਤਿਸ਼ ਗੁਪਤਾ
ਚੰਡੀਗੜ੍ਹ, 4 ਮਈ
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਇਜਲਾਸ ਵਿੱਚ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ। ਇਸ ਲਈ ਯੂਨੀਅਨ ਦੇ ਆਗੂਆਂ ਨੇ ਪੰਜਾਬ ਭਰ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਐਕਟ ਨੂੰ ਰੱਦ ਕਰਨ ਦੇ ਨਾਲ-ਨਾਲ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਸਬੰਧੀ 50 ਦੇ ਕਰੀਬ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ।
ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਵਧੀਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰਿਪੇਰੀਅਨ ਸਿਧਾਂਤ ਦੀ ਅਣਦੇਖੀ ਅਤੇ ਸੂਬਿਆਂ ਦੇ ਅਧਿਕਾਰਾਂ ਵਿਰੁੱਧ ਹੈ। ਆਗੂਆਂ ਨੇ ਕਿਹਾ ਕਿ ਹਰਿਆਣਾ, ਰਾਜਸਥਾਨ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸ਼ਾਰਦਾ-ਯਮੁਨਾ ਲਿੰਕ ਨਹਿਰ ਦੀ ਉਸਾਰੀ ਕੀਤੀ ਜਾਵੇ ਅਤੇ ਰਾਵੀ ਦੇ ਪਾਕਿਸਤਾਨ ਨੂੰ ਅਜਾਈਂ ਜਾ ਰਹੇ ਪਾਣੀ ਦੀ ਸੰਭਾਲ ਅਤੇ ਵਰਤੋਂ ਕਰ ਕੇ ਪੀਣ ਅਤੇ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ‘ਆਪ’ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਡੈਮ ਸੇਫਟੀ ਐਕਟ ਵਿਰੁੱਧ ਸਖ਼ਤ ਸਟੈਂਡ ਨਾ ਲੈ ਕੇ ਦਿਖਾਈ ਕਮਜ਼ੋਰੀ ਦਾ ਖਮਿਆਜ਼ਾ ਹੁਣ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੇ ਅਧਿਕਾਰਾਂ ਦੀ ਰਾਖੀ ਦਾ ਕੇਸ ਮਜ਼ਬੂਤੀ ਨਾਲ ਰੱਖਣ ਲਈ ਸੰਘਰਸ਼ ਦਾ ਕੇਂਦਰ ਨੰਗਲ ਦੀ ਥਾਂ ਦਿੱਲੀ ਤਬਦੀਲ ਕਰਨਾ ਚਾਹੀਦਾ ਹੈ। ਇਸ ਮੌਕੇ ਜਤਿੰਦਰ ਸਿੰਘ ਛੀਨਾ, ਜਸਵਿੰਦਰ ਸਿੰਘ ਝਬੇਲਵਾਲੀ, ਬਲਜੀਤ ਸਿੰਘ ਰੋਡੇ, ਜਰਨੈਲ ਸਿੰਘ ਆਦਿ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕੀਤਾ।