ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ’ਚ ਲਾਮਬੰਦੀ
ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਅਪਰੈਲ
ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ’ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਖ਼ਿਲਾਫ਼ ਘਟਨਾ ਦੇ ਛੇ ਦਿਨ ਬੀਤ ਜਾਣ ਦੇ ਬਾਵਜੂਦ ਕਾਰਵਾਈ ਨਾ ਹੋਣ ’ਤੇ ਕਿਸਾਨ ਯੂਨੀਅਨ ਨੇ ਤਿੰਨ ਮਈ ਨੂੰ ਡੀਐੱਸਪੀ ਦਫ਼ਤਰ ਦੇ ਘਿਰਾਓ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਪਿੰਡ ਰਾਮਗੜ੍ਹ ਸੰਧੂਆਂ, ਖੰਡੇਬਾਦ, ਕਾਲਵਣਜਾਰਾ ਅਤੇ ਜਲੂਰ ਵਿੱਚ ਰੈਲੀਆਂ ਕਰ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਰਣਧੀਰ ਸਿੰਘ ਖਾਈ, ਦਰਸ਼ਨ ਸਿੰਘ ਖਾਈ ਤੇ ਪਾਲ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਗਰੀਬ ਪਰਿਵਾਰਾਂ ਦੀਆਂ ਰੌਲੇ ਵਾਲੀਆਂ ਜ਼ਮੀਨਾਂ ਧੱਕੇ ਨਾਲ ਦੱਬਣ ਦਾ ਕੰਮ ਇਹ ਗਰੋਹ ਕਰ ਰਿਹਾ ਸੀ। ਜਦੋਂ ਪਿੰਡ ਖਾਈ ਦੇ ਲੋਕਾਂ ਨੇ ਉਨ੍ਹਾਂ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ ਤਾਂ ਕਿਸਾਨ ਆਗੂ ਨਿਰਭੈ ਸਿੰਘ ਨੂੰ 25 ਅਪਰੈਲ ਨੂੰ ਡਿਊਟੀ ’ਤੇ ਜਾਂਦਿਆਂ ਰਸਤੇ ਵਿੱਚ ਘੇਰ ਕੇ ਲੱਤਾਂ ਬਾਹਾਂ ਤੋੜ ਦਿੱਤੀਆਂ। ਉਨ੍ਹਾਂ ਕਿਹਾ ਕਿ ਕਈ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਣ ’ਤੇ 3 ਮਈ ਨੂੰ ਲਹਿਰਾਗਾਗਾ ਦੀ ਅਨਾਜ ਮੰਡੀ ਮੰਡੀ ਵਿੱਚ ਰੋਸ ਮੁਜ਼ਾਹਰਾ ਕਰਨ ਮਗਰੋਂ ਡੀਐੱਸਪੀ ਲਹਿਰਾਗਾਗਾ ਦਾ ਘਿਰਾਓ ਕੀਤਾ ਜਾਵੇਗਾ।