ਕਿਸਾਨਾਂ ਨਾਲ ਧੱਕਾ ਹੋਇਆ ਤਾਂ ਕਾਂਗਰਸ ਕਰੇਗੀ ਵਿਰੋਧ: ਬੈਂਸ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਮਈ
ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਅਰਬਨ ਅਸਟੇਟ ਬਨਾਉਣ ਦੇ ਬਹਾਨੇ ਕਿਸਾਨਾਂ ਦੀ ਉਪਜਾਊ ਜ਼ਮੀਨ ਜ਼ਬਰੀ ਐਕੁਆਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸ ਪਾਰਟੀ ਉਸਦਾ ਸਖ਼ਤ ਵਿਰੋਧ ਕਰੇਗੀ। ਉਹ ਅੱਜ ਦੁੱਗਰੀ ਵਿੱਚ ਰਛਪਾਲ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ 24,311 ਏਕੜ ਜ਼ਮੀਨ ਪ੍ਰਾਪਤ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਕਿਸਾਨ ਵਿਰੋਧੀ ਅਤੇ ਖੇਤੀਬਾੜੀ ਅਤੇ ਵਾਤਾਵਰਣ ’ਤੇ ਹਮਲਾ ਦੱਸਿਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਗੈਰ-ਖੇਤੀਬਾੜੀ ਉਦੇਸ਼ਾਂ ਲਈ ਉਪਜਾਊ ਜ਼ਮੀਨਾਂ ਨੂੰ ਜ਼ਬਰਦਸਤੀ ਪ੍ਰਾਪਤ ਕਰਕੇ ਸੂਬੇ ਦੀ ਖੇਤੀਬਾੜੀ-ਅਧਾਰਤ ਆਰਥਿਕਤਾ ਅਤੇ ਵਾਤਾਵਰਣ ਪ੍ਰਣਾਲੀ ਨੂੰ ਅਸਥਿਰ ਕਰਨ ''ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੁਧਿਆਣਾ ਜ਼ਿਲ੍ਹੇ ਦੇ 32 ਪਿੰਡਾਂ ਵਿੱਚ 24,311 ਏਕੜ ਤੋਂ ਵੱਧ ਜ਼ਮੀਨ ਐਕੁਆਇਰ ਕਰਨਾ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨਾਲ ਇਕ ਧੋਖਾ ਹੈ ਜੋ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਲਿਆ ਗਿਆ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਹਜ਼ਾਰਾਂ ਕਿਸਾਨ ਬੇਜ਼ਮੀਨੇ ਹੋ ਜਾਣਗੇ ਅਤੇ ਉਨ੍ਹਾਂ ਦੇ ਜੀਵਨ ਢੰਗ ''ਤੇ ਬਹੁਤ ਮਾੜਾ ਅਸਰ ਪਵੇਗਾ।
ਸ: ਬੈਂਸ ਨੇ ਕਿਹਾ ਕਿ ''ਆਪ'' ਸਰਕਾਰ ਆਪਣੀਆਂ ਪ੍ਰਚਾਰ ਯੋਜਨਾਵਾਂ ਲਈ ਪੈਸਾ ਇਕੱਠਾ ਕਰ ਰਹੀ ਹੈ ਅਤੇ ਪਹਿਲਾਂ ਵੀ ਸਰਕਾਰ ਨੇ ਇਸ ਮਕਸਦ ਲਈ ਮੋਹਾਲੀ ਦੇ ਨੇੜੇ ਜ਼ਮੀਨ ਪ੍ਰਾਪਤ ਕਰਨ ਦਾ ਫ਼ੈਸਲਾ ਲਿਆ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਖਜ਼ਾਨੇ ਭਰਨ ਦੀ ਇੱਛਾ ਨੂੰ ਪੂਰਾ ਕਰਨ ਲਈ ਕਿਸਾਨਾਂ ਦੀ ਬਲੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਅਹੁਦੇ ’ਤੇ ਬਣੇ ਰਹਿ ਸਕਣ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਇਹ ਫ਼ੈਸਲਾ ਤਰੁੰਤ ਰੱਦ ਕਰਨਾ ਚਾਹੀਦਾ ਹੈ ਅਤੇ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸ ਪਾਰਟੀ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ ਮਾਨ, ਐਡਵੋਕੇਟ ਗੁਰਜੋਧ ਸਿੰਘ ਗਿੱਲ, ਕਾਲਾ ਲੋਹਾਰਾ, ਮਨਦੀਪ ਸਿੰਘ ਅਤੇ ਗਗਨ ਸਿੰਘ ਤੇ ਹੋਰ ਮੌਜੂਦ ਸਨ।