ਕਿਸਾਨਾਂ ਨੂੰ ਨਰਮੇ ਦੀ ਬਿਜਾਈ ਦਾ ਕਾਰਜ ਛੇਤੀ ਨਿਬੇੜਨ ਦਾ ਸੱਦਾ
ਪੱਤਰ ਪ੍ਰੇਰਕ
ਮਾਨਸਾ, 8 ਮਈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਨੇ ਮਾਲਵਾ ਪੱਟੀ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਰਮੇ ਦੀ ਬਿਜਾਈ ਦਾ ਕਾਰਜ ਫਟਾ-ਫਟ ਨਿਬੇੜਨ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਲੇਟ ਕੀਤੀ ਬਿਜਾਈ ਕਾਰਨ ਅਨੇਕਾਂ ਕਿਸਮ ਦੀਆਂ ਬਿਮਾਰੀਆਂ ਚਿੰਬੜ ਜਾਂਦੀਆਂ ਹਨ। ਖੇਤੀ ਵਿਗਿਆਨੀਆਂ ਨੇ ਕਿਹਾ ਕਿ ਕਪਾਹ ਦੇ ਚੰਗੇ ਝਾੜ ਲਈ ਬਿਜਾਈ ਦਾ ਢੁੱਕਵਾਂ ਸਮਾਂ 15 ਮਈ ਤੱਕ ਹੀ ਵਧੀਆ ਮੰਨਿਆ ਜਾਂਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀਐੱਸ ਰੋਮਾਣਾ ਨੇ ਕਿਸਾਨਾਂ ਨੂੰ ਛੇਤੀ ਬਿਜਾਈ ਦਾ ਕਾਰਜ ਨਿਬੇੜਨ ਸਬੰਧੀ ਸੱਦਾ ਦਿੰਦਿਆਂ ਕਿਹਾ ਕਿ ਨਰਮੇ ਦੀਆਂ ਅਗੇਤੀਆਂ ਖਿੜ੍ਹਨ ਵਾਲੀਆਂ ਅਤੇ ਪੱਤਾ ਮਰੋੜ ਬਿਮਾਰੀ ਤੋਂ ਰਹਿਤ ਸਿਫਾਰਸ਼ ਕੀਤੀਆਂ ਕਿਸਮਾਂ ਨੂੰ ਹੀ ਬੀਜਿਆ ਜਾਵੇ। ਇਸੇ ਦੌਰਾਨ ਹੀ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਮੁੱਖ ਅਫ਼ਸਰ ਡਾ. ਸੱਤਪਾਲ ਸਿੰਘ ਰਾਏਕੋਟੀ ਨੇ ਕਿਸਾਨਾਂ ਨੂੰ ਕਿਹਾ ਕਿ ਬੀਜ ਨੂੰ ਖਰੀਦਣ ਤੋਂ ਪਹਿਲਾਂ ਕਿਸਾਨ ਸਬੰਧਤ ਦੁਕਾਨਦਾਰ ਤੋਂ ਬੀਜ ਦਾ ਪੱਕਾ ਬਿਲ ਲਾਜ਼ਮੀ ਲੈਣ।
ਉਧਰ, ਦੂਜੇ ਪਾਸੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਦਾ ਕਹਿਣਾ ਹੈ ਕਿ ਭਾਵੇਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਨਰਮਾ ਬੀਜਣ ਲਈ ਦਿੱਤੀ ਜਾ ਰਹੀ ਹੈ, ਪਰ ਬਿਜਾਈ ਦਾ ਕਾਰਜ ਸਿਰ ‘ਤੇ ਚੜ੍ਹਨ ਕਾਰਨ ਇਸ ਸਪਲਾਈ ਨੂੰ 12 ਘੰਟੇ ਕਰਨ ਦੀ ਲੋੜ ਹੈ।