ਕਿਸਾਨਾਂ ਵੱਲੋਂ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ
ਜੋਗਿੰਦਰ ਸਿੰਘ ਮਾਨ
ਮਾਨਸਾ, 31 ਮਾਰਚ
ਕਿਸਾਨਾਂ ਵੱਲੋਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਹੋਏ ਆਪਣੇ ਸਾਮਾਨ ਦੇ ਨੁਕਸਾਨ ਦੀ ਭਰਪਾਈ ਲਈ ਅੱਜ ਪੰਜਾਬ ਭਰ ਵਿੱਚ ਕੈਬਨਿਟ ਮੰਤਰੀਆਂ ਸਮੇਤ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਕਿਸਾਨਾਂ ਨੇ ਮਾਨਸਾ ਵਿੱਚ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਘਰ ਬਾਹਰ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਵੱਲੋਂ ਜਬਰੀ ਚੁੱਕਣ ਤੋਂ ਬਾਅਦ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਦੇ ਸਾਮਾਨ ਦੀ ਭੰਨ ਤੋੜ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵੱਡੀ ਪੱਧਰ ’ਤੇ ਸਾਮਾਨ ਚੋਰੀ ਹੋਇਆ ਹੈ ਅਤੇ ਉਸ ਸਾਮਾਨ ਦੀ ਭਰਪਾਈ ਲਈ ਅੱਜ ਪੰਜਾਬ ਭਰ ਵਿੱਚ ਸਰਕਾਰ ਦੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਬਾਹਰ ਕਿਸਾਨਾਂ ਵੱਲੋਂ ਮੁਜ਼ਾਹਰੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਧਰਨੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਵੀ ਸੌਂਪੇ ਗਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਦੋਵੇਂ ਫੋਰਮਾਂ ਵੱਲੋਂ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਘਿਰਾਓ ਕਰਨ ਦੇ ਸੱਦੇ ’ਤੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਕੋਠੀ ਅੱਗੇ ਧਰਨਾ ਦਿੱਤਾ। ਧਰਨੇ ਨੂੰ ਸਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੇ ਧਰਨਿਆਂ ਦਾ ਮੁੱਖ ਮਕਸਦ ਸੂਬਾ ਸਰਕਾਰ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਕਿ ਅੰਦੋਲਨ ਅਜੇ ਵੀ ਚੱਲ ਰਿਹਾ ਤੇ ਚੱਲਦਾ ਰਹੇਗਾ। ਧਰਨੇ ਨੂੰ ਬਲਾਕ ਪ੍ਰਧਾਨ ਮਹਿਮਾ ਸਿੰਘ ਚੱਠੇ ਵਾਲਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਯੋਧਾ ਸਿੰਘ ਨੰਗਲਾ, ਬਲਾਕ ਸੰਗਤ ਪ੍ਰਧਾਨ ਪਿਆਰਾ ਸਿੰਘ, ਬਲਜੀਤ ਸਿੰਘ ਅਤੇ ਜਸਵੀਰ ਸਿੰਘ ਗਹਿਰੀ ਆਦਿ ਨੇ ਸੰਬੋਧਨ ਕੀਤਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਸੱਦੇ ਤੇ ਕਿਸਾਨਾਂ ਵੱਲੋਂ ਮੋਗਾ, ਧਰਮਕੋਟ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿੱਚ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ। ਇੱਥੇ ਬੀਕੇਯੂ ਏਕਤਾ ਉਗਰਾਹਾਂ ਆਗੂ ਬਲੌਰ ਸਿੰਘ ਘਾਲੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰੈੱਸ ਸਕੱਤਰ ਜਗਮੋਹਨ ਸਿੰਘ ਕੰਗ ਨੇ ਦੱਸਿਆ ਅੱਜ ਐੱਸਕੇਐੱਮ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਸੱਦੇ ’ਤੇ ਕਿਸਾਨਾਂ ਨੇ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿੱਚ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਹਨ। ਇਸ ਮੌਕੇ ਜੀਤ ਸਿੰਘ ਮਹੇਸਰੀ ਤੇ ਬੀਕੇਯੂ ਖੋਸਾ ਦੇ ਸੂਬਾ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਨੇ ਸੰਬੋਧਨ ਕੀਤਾ।
ਮਹਿਲ ਕਲਾਂ (ਲਖਵੀਰ ਸਿੰਘ ਚੀਮਾ): ਸ਼ੰਭੂ-ਖਨੌਰੀ ਬਾਰਡਰਾਂ ’ਤੇ ਕਿਸਾਨਾਂ ਉਪਰ ਕੀਤੀ ਕਾਰਵਾਈ ਦੇ ਰੋਸ ਵਜੋਂ ਅੱਜ ਐੱਸਕੇਐੱਮ (ਗੈਰ ਰਾਜਨੀਤਿਕ) ਦੇ ਸੱਦੇ ’ਤੇ ਕਿਸਾਨ ਜੱਥੇਬੰਦੀਆਂ ਵਲੋਂ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਦੇ ਪਿੰਡ ਪੰਡੋਰੀ ਵਿਖੇ ਘਰ ਅੱਗੇ ਧਰਨਾ ਲਗਾ ਕੇ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਧਰਨੇ ਵਿੱਚ ਬੀਕੇਯੂ ਸਿੱਧੂਪੁਰ, ਬੀਕੇਯੂ ਉਗਰਾਹਾਂ ਅਤੇ ਬੀਕੇਯੂ ਰਾਜੇਵਾਲ ਦੇ ਵਰਕਰ ਸ਼ਾਮਲ ਹੋਏ। ਇਸ ਮੌਕੇ ਕਿਸਾਨ ਆਗੂ ਕਰਨੈਲ ਸਿੰਘ, ਬੁੱਕਣ ਸਿੰਘ ਸੱਦੋਵਾਲ, ਜੱਜ ਸਿੰਘ ਗਹਿਲ, ਨਾਹਰ ਸਿੰਘ ਗੁੰਮਟੀ, ਨਛੱਤਰ ਸਿੰਘ, ਜਗਪਾਲ ਸਿੰਘ ਅਤੇ ਨਿਰਭੈ ਸਿੰਘ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਉਪਰ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਨਾ ਮਿਲ ਕੇ ਕਿਸਾਨ ਵਿਰੋਧੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਵਲੋਂ ਮੀਟਿੰਗ ਕਰਨ ਗਏ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਬਹੁਤ ਵੱਡਾ ਧੋਖਾ ਹੈ ਜਿਸ ਦਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੇ ਸਮੇਂ ਵਿੱਚ ਹਿਸਾਬ ਦੇਣਾ ਪਵੇਗਾ।
ਜ਼ੀਰਾ (ਪੱਤਰ ਪ੍ਰੇਰਕ): ਇੱਥੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਭਰਾਤਰੀ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਖੋਸਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਹਲਕਾ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਦੇ ਘਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ, ਨਰਿੰਦਰਪਾਲ ਸਿੰਘ ਜਤਾਲਾ, ਮੰਗਲ ਸਿੰਘ ਸੰਧੂ ਸ਼ਾਹਵਾਲਾ, ਨਾਇਬ ਸਿੰਘ ਬੋਤੀਆਂ ਵਾਲਾ ਅਤੇ ਰੇਸ਼ਮ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ 19 ਮਾਰਚ ਨੂੰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਮੀਟਿੰਗ ਲਈ ਬੁਲਾ ਕੇ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹੱਦਾਂ ਤੇ 13 ਫਰਵਰੀ 2024 ਤੋਂ ਜਾਰੀ ਕਿਸਾਨ ਅੰਦੋਲਨ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਮੋਰਚੇ ’ਤੇ ਪੁਲੀਸ ਵੱਲੋਂ ਹਮਲੇ ਕਰਕੇ ਧਰਨੇ ਖਦੇੜਨ ਦੇ ਰੋਸ ਵਜੋਂ ਅੱਜ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਅਮਨਦੀਪ ਸਿੰਘ ਕੱਚਰਭੰਨ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਬਲਰਾਜ ਸਿੰਘ ਫੇਰੋਕੇ, ਵੀਰ ਸਿੰਘ ਨਿਜਾਮਦੀਨ ਵਾਲਾ ਤੇ ਗੁਰਭਾਗ ਸਿੰਘ ਆਦਿ ਨੇ ਸੰਬੋਧਨ ਕੀਤਾ।
ਬਠਿੰਡਾ (ਮਨੋਜ ਸ਼ਰਮਾ): ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਬਠਿੰਡਾ) ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਸਰਕਾਰ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਉਨ੍ਹਾਂ ਦੇ ਆਗੂ ਗ੍ਰਿਫ਼ਤਾਰ ਕਰ ਰਹੀ ਹੈ, ਮੋਰਚਿਆਂ ਵਿੱਚ ਪੂਲੀਸ ਹਮਲੇ ਕਰ ਰਹੀ ਹੈ ਅਤੇ ਕਿਸਾਨਾਂ ਦੀ ਜਾਇਦਾਦ ਨਸ਼ਟ ਕਰ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨ ਮੰਗਾਂ ’ਤੇ ਤੁਰੰਤ ਗੱਲਬਾਤ ਕਰੇ, ਹੋਈ ਨੁਕਸਾਨ ਦੀ ਭਰਪਾਈ ਕਰੇ ਅਤੇ ਜ਼ਿੰਮੇਵਾਰਾਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਬਠਿੰਡਾ ਦੇ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਅਤੇ ਮੌੜ ਹਲਕੇ ਵਿੱਚ ਸੁਖਬੀਰ ਸਿੰਘ ਮਾਈਸਰਖਾਨਾ ਦੇ ਘਰਾਂ ਅੱਗੇ ਧਰਨੇ ਦਿੱਤੇ। ਧਰਨਿਆਂ ਵਿੱਚ ਬਲਜੀਤ ਸਿੰਘ ਪੂਹਲਾ, ਅੰਮ੍ਰਿਤ ਸਿੰਘ ਮੋੜ, ਚੜਤ ਸਿੰਘ, ਜਸਵੀਰ ਸਿੰਘ (ਤਲਵੰਡੀ ਸਾਬੋ) ਅਤੇ ਸਿਮਰਜੀਤ ਸਿੰਘ (ਚੱਕ ਫਤਿਹ ਸਿੰਘ ਵਾਲਾ) ਸਮੇਤ ਕਈ ਆਗੂ ਸ਼ਾਮਲ ਸਨ।
ਤਪਾ ਮੰਡੀ (ਸੀ. ਮਾਰਕੰਡਾ): ਭਾਕਿਯੂ (ਉਗਰਾਹਾਂ), ਭਾਕਿਯੂ (ਸਿੱਧੂਪੁਰ), ਗੈਰ ਰਾਜਨੀਤਿਕ ਕਿਸਾਨ ਮਜ਼ਦੂਰ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਤਪਾ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ, ਹਾਕਮ ਸਿੰਘ, ਸਾਧਾ ਸਿੰਘ ਦਰਾਜ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ ਪੱਖੋ ਆਦਿ ਨੇ ਸੰਬੋਧਨ ਕੀਤਾ।