ਐੱਸਐੱਸਪੀ ਦਫ਼ਤਰ ਅੱਗੇ ਮੁਜ਼ਾਹਰੇ ਲਈ ਲਾਮੰਬਦੀ
ਲਹਿਰਾਗਾਗਾ, 10 ਮਈ
ਇੱਥੇ ਪਿੰਡ ਖਾਈ ਦੇ ਗੁਰਦੁਆਰਾ ਸਾਹਿਬ ਵਿੱਚ ਕਿਰਤੀ ਕਿਸਾਨ ਯੂਨੀਅਨ ਦੀ ਲਾਮਬੰਦੀ ਮੀਟਿੰਗ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 13 ਮਈ ਨੂੰ ਸੰਗਰੂਰ ਦੀ ਦਾਣਾ ਮੰਡੀ ਵਿੱਚ ਜ਼ੋਨ ਪੱਧਰੀ ਰੋਸ ਰੈਲੀ ਅਤੇ ਐੱਸਐੱਸਪੀ ਦਫ਼ਤਰ ਵੱਲ ਮੁਜ਼ਾਹਰਾ ਕਰਨ ਸਬੰਧੀ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ 25 ਅਪਰੈਲ ਨੂੰ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ’ਤੇ ਕਾਤਲਾਨਾ ਹਮਲਾ ਕਰਕੇ ਭੂ-ਮਾਫੀਆ ਗਰੋਹ ਵੱਲੋਂ ਉਨ੍ਹਾਂ ਦੀਆਂ ਲੱਤਾਂ ਤੇ ਬਾਂਹਾਂ ਤੋੜ ਦਿੱਤੀਆਂ ਗਈਆਂ ਸਨ। 16 ਦਿਨ ਬੀਤਣ ਦੇ ਬਾਵਜੂਦ ਵੀ ਕਥਿਤ ਸਿਆਸੀ ਸ਼ਹਿ ਦੇ ਚੱਲਦਿਆਂ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਮਾਮਲੇ ਦਾ ਸੰਯੁਕਤ ਕਿਸਾਨ ਮੋਰਚੇ ਨੇ ਗੰਭੀਰ ਨੋਟਿਸ ਲੈਂਦਿਆਂ ਐਲਾਨ ਕੀਤਾ ਸੀ ਕਿ ਸੰਗਰੂਰ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਪਿੰਡ ਖਾਈ ਦੇ ਵਿੱਚੋਂ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਵਾਉਣ ਦੀ ਵਿਉਂਤਬੰਦੀ ਕੀਤੀ ਗਈ ਤੇ ਪਿੰਡ ਦਾ ਬੱਚਾ ਬੱਚਾ ਇਸ ਗੁੰਡਾਗਰਦੀ ਅਤੇ ਪ੍ਰਸ਼ਾਸਨ ਦੇ ਪੱਖਪਾਤੀ ਰਵੱਈਏ ਖਿਲਾਫ ਸੰਗਰੂਰ ਦੀ ਰੈਲੀ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਇਕਾਈ ਖਾਈ ਦੇ ਪ੍ਰਧਾਨ ਜਗਤਾਰ ਸਿੰਘ, ਵਿੱਤ ਸਕੱਤਰ ਦਰਸ਼ਨ ਸਿੰਘ, ਪਾਲ ਸਿੰਘ, ਰਾਮ ਸਿੰਘ ਤੇ ਜਗਰੂਪ ਸਿੰਘ ਆਦਿ ਹਾਜ਼ਰ ਸਨ।
ਧੂਰੀ (ਪਵਨ ਕੁਮਾਰ ਵਰਮਾ): ਐੱਸਐੱਸਪੀ ਦਫਤਰ ਵੱਲ ਮੁਜ਼ਾਹਰਾ ਕਰਨ ਦੇ ਪ੍ਰੋਗਰਾਮ ਦੀ ਵਿਉਂਤਬੰਦੀ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਬਲਾਕ ਧੂਰੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਪਿੰਡ ਜਹਾਂਗੀਰ ਦੇ ਗੁਰੂਘਰ ਵਿੱਚ ਹੋਈ। ਇਸ ਦੌਰਾਨ ਇਲਾਕੇ ਵਿੱਚੋਂ ਸੈਂਕੜੇ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਕਿਸਾਨ ਆਗੂ ਸ਼ਰਨਜੀਤ ਸਿੰਘ ਰਾਜੋਮਾਜਰਾ, ਦਿਲਬਾਗ ਸਿੰਘ ਅਤੇ ਰਣਧੀਰ ਸਿੰਘ ਜਹਾਂਗੀਰ ਆਦਿ ਹਾਜ਼ਰ ਸਨ।