ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਦਸੰਬਰ
ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ’ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਤਾਲਮੇਲਵੇਂ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਤ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨਾਂ ਤੇ ਬੀਬੀਆਂ ਵਲੋਂ ਸਥਾਨਕ ਅਨਾਜ ਮੰਡੀ ਵਿਚ ਮੋਦੀ ਸਰਕਾਰ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਕਿਸਾਨੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਦੋਵੇਂ ਫੋਰਮਾਂ ਦੇ ਪੰਜਾਬ ਦੇ ਸੱਦੇ ਦੀ ਹਮਾਇਤ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਥੇਬੰਦੀ ਵਲੋਂ ਸਾਰੇ ਬਲਾਕਾਂ ਵਿਚ ਇਕੱਠ ਕਰਕੇ ਮੋਦੀ ਸਰਕਾਰ ਦੇ ਪੁਤਲੇ ਫ਼ੂਕਣ ਦਾ ਫੈਸਲਾ ਲਿਆ ਸੀ ਜਿਸ ਤਹਿਤ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ 2020 ਦੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ ਅਤੇ ਪੰਜਾਬ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਇਹੋ ਕਾਰਨ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 34 ਦਿਨਾਂ ਤੋਂ ਮਰਨ ਵਰਤ ’ਤੇ ਹਨ ਪਰੰਤੂ ਸਰਕਾਰ ਵਲੋਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਲਈ ਕੋਈ ਹੁੰਗਾਰਾ ਨਹੀਂ ਭਰਿਆ ਜਾ ਰਿਹਾ ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਰੰਤ ਮੰਗਾਂ ਲਾਗੂ ਕਰਕੇ ਕੇਂਦਰ ਸਰਕਾਰ ਨੂੰ ਡੱਲੇਵਾਲ ਦਾ ਮਰਨ ਵਰਤ ਖਤਮ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਪ੍ਰੋਗਰਾਮ ਤਹਿਤ 4 ਜਨਵਰੀ 2025 ਨੂੰ ਟੋਹਾਣਾ ਵਿੱਚ ਕਿਸਾਨ ਬੀਬੀਆਂ ਦਾ ਵੱਡਾ ਇਕੱਠ ਕੀਤਾ ਜਾਵੇਗਾ। ਇਸ ਮੌਕੇ ਬਲਾਕ ਆਗੂ ਖਜ਼ਾਨਚੀ ਕਰਮਜੀਤ ਸਿੰਘ ਮੰਗਵਾਲ, ਚਮਕੌਰ ਸਿੰਘ ਲੱਡੀ, ਕਰਮਜੀਤ ਸਿੰਘ ਮੰਡੇਰ, ਪ੍ਰਿਤਪਾਲ ਚੱਠੇ ਹਰਮੇਲ ਸਿੰਘ ਲੋਹਾਖੇੜਾ ਅਤੇ ਕਿਸਾਨ ਆਗੂ ਮੌਜੂਦ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੁਨਾਮ-ਪਟਿਆਲਾ ਮੁੱਖ ਮਾਰਗ ਸਥਿਤ ਫੱਗੂਵਾਲਾ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਸਤਵਿੰਦਰ ਸਿੰਘ ਘਰਾਚੋਂ ਅਤੇ ਗੁਰਚੇਤ ਸਿੰਘ ਭੱਟੀਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈਕੇ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਤਾਲਮੇਲਵੇਂ ਰੂਪ ਵਿੱਚ ਹਮਾਇਤ ਕੀਤੀ ਗਈ ਹੈ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਭਰਭੂਰ ਸਿੰਘ ਮੌੜਾਂ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਵਾਉਣ ਲਈ ਤੇ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਲਈ ਧਰਨੇ ਦਿੱਤੇ ਜਾ ਰਹੇ ਹਨ। ਮੀਟਿੰਗ ਨੂੰ ਪੈਨਸ਼ਨਰ ਵੈੱਲਫੇਅਰ ਦੇ ਆਗੂ ਦਰਸ਼ਨ ਸਿੰਘ ਰੋਗਲਾ, ਹਰਬੰਸ ਸਿੰਘ ਦਿੜ੍ਹਬਾ, ਰਾਜ ਸਿੰਘ ਦਿੜ੍ਹਬਾ ਤੇ ਗੁਰਪ੍ਰੀਤ ਸਿੰਘ ਛਾਹੜ ਆਦਿ ਨੇ ਸੰਬੋਧਨ ਕੀਤਾ।