ਕਿਸਾਨਾਂ ਵੱਲੋਂ ਡੱਲੇਵਾਲ ਦੀ ਹਮਾਇਤ ’ਚ ਸੰਕੇਤਕ ਭੁੱਖ ਹੜਤਾਲ
ਸਿਰਸਾ, 26 ਦਸੰਬਰ
ਕਿਸਾਨੀ ਮੰਗਾਂ ਮੰਨਵਾਉਣ ਲਈ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ’ਚ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨਾਂ ਨੇ ਮਿਨੀ ਸਕੱਤਰੇਤ ਦੇ ਬਾਹਰ ਸੰਕੇਤਕ ਭੁੱਖ ਹੜਤਾਲ ਕੀਤੀ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਿਨੀ ਸਕੱਤਰੇਤ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪ੍ਰਕਾਸ਼ ਮਮੇਰਾਂ, ਗੁਰਲਾਲ ਭੰਗੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਕਿਸਾਨੀ ਅੰਦੋਲਨ ਨੂੰ ਅਣਗੌਲਿਆਂ ਕੀਤੇ ਜਾਣ ਕਾਰਨ 26 ਨਵੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਹਨ ਪਰ ਸਰਕਾਰ ਦੇ ਕੰਨਾਂ ’ਤੇ ਕੋਈ ਜੂੰ ਨਹੀਂ ਸਰਕ ਰਹੀ ਜਿਸ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਸੰਕੇਤਕ ਭੁੱਖ ਹੜਤਾਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਦੇ ਮੁਲਤਵੀ ਕੀਤੇ ਜਾਣ ਸਮੇਂ ਕਿਸਾਨ ਆਗੂਆਂ ਨਾਲ ਸਾਰੀਆਂ ਫ਼ਸਲਾਂ ਦਾ ਐੱਮਐੱਸਪੀ ਗਾਰੰਟੀ ਕਾਨੂੰਨ, ਕਿਸਾਨਾਂ ਨੂੰ ਕਰਜ਼ਾਮੁਕਤ ਕਰਨ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਆਪਣੀਆਂ ਮੰਗਾਂ ਮੰਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨਾ ਕਿਸਾਨਾਂ ਨੂੰ ਦਿੱਲੀ ਜਾਣ ਦੇ ਰਹੀ ਹੈ ਤੇ ਨਾ ਹੀ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਕੋਈ ਗੱਲਬਾਤ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਨੇ ਜਲਦ ਕਿਸਾਨੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇਸ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ’ਤੇ ਬੀਕੇਈ ਨਾਲ ਜੁੜੇ ਕਈ ਕਿਸਾਨ ਮੌਜੂਦ ਸਨ।