ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 26 ਅਪਰੈਲ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ਵਿੱਚ ਬਾਇਓਗੈਸ ਫੈਕਟਰੀ ਖਿਲਾਫ਼ ਸੰਘਰਸ਼ ਕਰ ਰਹੇ ਲੋਕਾਂ ਉੱਪਰ ਕੀਤੀ ਗਈ ਪੁਲੀਸ ਕਾਰਵਾਈ ਦੇ ਰੋਸ ਵਜੋਂ ਅੱਜ ਮਹਿਲ ਕਲਾਂ ਵਿੱਚ ਬੀਕੇਯੂ ਡਕੌਂਦਾ ਵਲੋਂ ‘ਆਪ’ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀ ਆਗੂ ਨਾਨਕ ਸਿੰਘ ਅਮਲਾ ਸਿੰਘ ਵਾਲਾ ਤੇ ਸਤਨਾਮ ਸਿੰਘ ਮੂੰਮ ਨੇ ਕਿਹਾ ਕਿ ਪੁਲੀਸ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਾਨ, ਸੀਨੀਅਰ ਮੀਤ ਪ੍ਰਧਾਨ ਜੁਗਰਾਜ ਸਿੰਘ ਹਰਦਾਸਪੁਰਾ ਸਣੇ ਵੱਡੀ ਗਿਣਤੀ ਵਿੱਚ ਸੰਘਰਸ਼ੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 27 ਅਪਰੈਲ ਨੂੰ ਸਾਰੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੰਜਾਬ ਸਰਕਾਰ ਦੇ ਵਿਰੁੱਧ ਅਰਥੀ ਫੂਕ ਮੁਜ਼ਾਹਰਿਆਂ ਤਹਿਤ ਡੀਸੀ ਦਫ਼ਤਰ ਬਰਨਾਲਾ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ।
ਕਿਸਾਨ ਆਗੂ ਭਿੰਦਰ ਸਿੰਘ ਮੂੰਮ, ਸੱਤਪਾਲ ਸਿੰਘ ਸਹਿਜੜਾ, ਜੱਗਾ ਸਿੰਘ ਮਹਿਲਕਲਾਂ ਅਤੇ ਰਵਿੰਦਰ ਸਿੰਘ ਧਨੇਰ ਨੇ ਕਿਹਾ ਕਿ ਸੂਬਾ ਸਰਕਾਰ ਖ਼ੁਦ ਮੰਨ ਚੁੱਕੀ ਹੈ ਕਿ ਅਖਾੜਾ ਫੈਕਟਰੀ ਗ਼ੈਰਕਾਨੂੰਨੀ ਹੈ। ਫੈਕਟਰੀ ਵੱਡੇ ਪੱਧਰ ’ਤੇ ਪ੍ਰਦੂਸ਼ਣ ਪੈਦਾ ਕਰੇਗੀ। ਇਸ ਦੇ ਬਾਵਜੂਦ ਕਾਰਪੋਰੇਟ ਘਰਾਣਿਆਂ ਨਾਲ ਨੇੜਤਾ ਪੁਗਾਉਣ ਲਈ ਪੰਜਾਬ ਸਰਕਾਰ ਨੇ ਲੋਕਾਂ ’ਤੇ ਅੰਨ੍ਹਾ ਜਬਰ ਕੀਤਾ ਹੈ। ਔਰਤਾਂ ਸਣੇ ਕਿਸਾਨਾਂ-ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਇਸ ਫੈਕਟਰੀ ਨੂੰ ਬੰਦ ਕੀਤਾ ਜਾਵੇ।
ਭੁੱਚੋ ਮੰਡੀ (ਪਵਨ ਗੋਇਲ): ਬੀਕੇਯੂ ਡਕੌਂਦਾ (ਬੁਰਜ ਗਿੱਲ) ਨੇ ਪਿੰਡ ਤੁੰਗਵਾਲੀ ਵਿੱਚ ਮੀਟਿੰਗ ਕਰ ਕੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖ਼ਾੜਾ ਵਿੱਚ ਪੁਲੀਸ ਵੱਲੋਂ ਧਰਨਾਕਾਰੀਆਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਬਲਾਕ ਨਥਾਣਾ ਦੇ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਲੋਕਾਂ ’ਤੇ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੁਲੀਸ ਨੇ ਸਵੇਰੇ ਅੰਨੇਵਾਹ ਲਾਠੀਚਾਰਜ ਚਾਰਜ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।