ਕਿਸਾਨਾਂ ਵੱਲੋਂ ਬਜਟ ‘ਉੱਚੀ ਦੁਕਾਨ ਫਿੱਕਾ ਪਕਵਾਨ’ ਕਰਾਰ
ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਮਾਰਚ
ਵੱਖ-ਵੱਖ ਕਿਸਾਨ ਆਗੂਆਂ ਨੇ ਪੰਜਾਬ ਬਜਟ ਨੂੰ ਦਿਸ਼ਾਹੀਣ ਅਤੇ ‘ਉੱਚੀ ਦੁਕਾਨ ਫਿੱਕਾ ਪਕਵਾਨ’ ਕਰਾਰ ਦਿੱਤਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਦਾ ਕਹਿਣਾ ਸੀ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਖੇਤੀ ਖੇਤਰ ਦੇ ਸੰਕਟ ਨੂੰ ਹੱਲ ਕਰਨ ਪੱਖੋਂ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ ਹੈ। ਕਿਸਾਨਾਂ ਦੀ ਕਰਜ਼ਾ ਮੁਕਤੀ ਦੀ ਮੰਗ ਨੂੰ ਮੂਲੋਂ ਹੀ ਵਿਸਾਰ ਦਿੱਤਾ ਹੈ, ਜਦੋਂਕਿ ਬਾਸਮਤੀ, ਮੱਕੀ, ਮੂੰਗੀ, ਆਲੂ, ਮਟਰ ਅਤੇ ਗੋਭੀ ਆਦਿ ਫਸਲਾਂ ਦੀ ਐੱਮਐੱਸਪੀ ’ਤੇ ਖਰੀਦ ਸਬੰਧੀ ਮੰਗ ਤੋਂ ਵੀ ਤਕਰੀਬਨ ਟਾਲਾ ਹੀ ਵੱਟ ਲਿਆ ਹੈ। ਪਾਣੀ ਦੇ ਸੰਕਟ ਦੇ ਹੱਲ ਤੇ ਨਹਿਰੀ ਢਾਂਚੇ ਦੀ ਕਾਇਆ ਕਲਪ ਕਰਨ ਲਈ ਰੱਖੇ ਫੰਡ ਨਿਗੂਣੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 2,36,080 ਕਰੋੜ ਦੇ ਬਜਟ ਵਿੱਚੋਂ ਖੇਤੀਬਾੜੀ ਤੇ ਸਹਾਇਕ ਖੇਤਰਾਂ ਲਈ ਸਿਰਫ 14524 ਕਰੋੜ ਹੀ ਰੱਖੇ ਹਨ, ਜੋ ਕੁੱਲ ਬਜਟ ਦਾ 6.15 ਫ਼ੀਸਦ ਬਣਦਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਨਵੀਂ ਉਸਾਰੀ ਤੇ ਪੁਨਰ ਨਿਰਮਾਣ ਲਈ ਰੱਖੇ 3246 ਕਰੋੜ ਵਿੱਚੋਂ ਵੀ 1343 ਕਰੋੜ ਦੇ ਪ੍ਰਾਜੈਕਟ ਤਾਂ ਪਹਿਲਾਂ ਹੀ ਚੱਲ ਰਹੇ ਹਨ। ਇੰਨੀ ਨਿਗੂਣੀ ਰਕਮ ਨਾਲ ਹਰ ਖੇਤ ਤੱਕ ਨਹਿਰੀ ਪਾਣੀ ਤੇ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਾਉਣ ਦਾ ਦਾਅਵਾ ਕਾਗਜ਼ੀ ਹੀ ਰਹੇਗਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਦਾ ਕਹਿਣਾ ਸੀ ਕਿ ਬਜਟ ਵਿੱਚ ਫਸਲੀ ਵਿਭਿੰਨਤਾ ਵਾਲੀਆਂ ਫਸਲਾਂ ਨੂੰ ਉਤਸ਼ਾਹਤ ਕਰਨ ਲਈ ਵੀ ਵਿਭਿੰਨਤਾ ਵਾਲੀਆਂ ਫਸਲਾਂ ਲਈ ਕੋਈ ਐੱਮਐੱਸਪੀ ਨਹੀਂ ਦਿੱਤੀ ਤੇ ਨਾ ਹੀ ਇਨ੍ਹਾਂ ਫਸਲਾਂ ਲਈ ਕੋਈ ਸਬਸਿਡੀ ਜਾਂ ਵੱਖਰਾ ਬਜਟ ਹੀ ਰੱਖਿਆ ਗਿਆ ਹੈ। ਉਧਰ, ਕ੍ਰਾਂਤੀਕਰੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਡਾ. ਦਰਸ਼ਨਪਾਲ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ਦੇ ਹੱਲ ਲਈ ਕੋਈ ਹੱਲ ਨਾ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਸਰਕਾਰ ਵੱਲੋਂ ਵਾਅਦੇ ਮੁਤਾਬਿਕ ਖੇਤੀ ਸੈਕਟਰ ਲਈ ਢੁਕਵੇਂ ਫੰਡ ਨਾ ਰੱਖਣ ਦੀ ਵੀ ਨਿੰਦਾ ਕੀਤੀ।