ਕਿਸਾਨਾਂ ਵੱਲੋਂ ਮੰਤਰੀਆਂ ਦੇ ਘਰਾਂ ਨੇੜੇ ਰੋਸ ਵਿਖਾਵੇ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਾਰਚ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਕਿਸਾਨਾ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਇਸ ਤਹਿਤ ਜ਼ਿਲ੍ਹੇ ਵਿੱਚ ਦੋ ਕੈਬਨਿਟ ਮੰਤਰੀਆ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਦੇ ਘਰ ਤੇ ਦਫਤਰ ਨੇੜੇ ਵਿਖਾਵੇ ਕੀਤੇ।
ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਵੱਲੋਂ ਬਾਰਡਰ ’ਤੇ ਕੀਤੇ ਤਸ਼ੱਦਦ ਖ਼ਿਲਾਫ਼ ਉੱਠ ਖੜ੍ਹੇ ਹੋਏ ਹਨ ਅਤੇ ਪੰਜਾਬ ਸਰਕਾਰ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਅਜਿਹੇ ਕਦਮ ਚੱਕੇਗੀ ਤਾਂ ਲੋਕ ਇਸ ਦਾ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਨਾਲ ਸਬੰਧਿਤ ਅੰਦੋਲਨ ਦੀਆਂ ਮੰਗਾਂ ਵਿੱਚ ਫ਼ਸਲਾਂ ’ਤੇ ਐੱਮਐੱਸਪੀ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰ ਦੀ ਕਰਜ਼ ਮੁਕਤੀ, ਮਨਰੇਗਾ ਤਹਿਤ ਵੱਧ ਰੁਜ਼ਗਾਰ ਦੀ ਮੰਗ ਸਮੇਤ 12 ਮੰਗਾਂ ਦੇ ਜਲਦ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਦੇ ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੁਲੀਸ ਬਲ ਦੀ ਵਰਤੋਂ ਕਰਕੇ ਮੋਰਚੇ ਉਖਾੜਨ ਦੀ ਕਾਰਵਾਈ ਕਾਰਨ ਹੋਏ ਮਾਲੀ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇ। ਟਰਾਲੀਆਂ ਜਾਂ ਹੋਰ ਸਾਮਾਨ ਚੋਰੀ ਹੋਣ ਦੇ ਇਸ ਸਾਰੇ ਘਟਨਾਕ੍ਰਮ ਦੇ ਪਿੱਛੇ ਸਾਜ਼ਿਸ਼ ਵਿੱਚ ਸ਼ਾਮਿਲ ਵਿਧਾਇਕ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇ। ਕਿਸਾਨਾਂ ਮਜ਼ਦੂਰਾਂ ਦੀ ਕੁੱਟ ਮਾਰ ਅਤੇ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਤੇ 20 ਮਾਰਚ ਨੂੰ ਸ਼ੰਭੂ ਮੋਰਚੇ ਤੇ ਲਾਠੀਆਂ ਨਾਲ ਹਮਲਾ ਕਰਨ ਵਾਲੇ ਥਾਣਾ ਸ਼ੰਭੂ ਦੇ ਐੱਸਐੱਚਓ ਨੂੰ ਬਰਖਾਸਤ ਕੀਤਾ ਜਾਵੇ, ਸ਼ੰਭੂ ਤੇ ਖਨੌਰੀ ਵਿਖੇ ਚੋਰੀ ਦੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਖਿਲਾਫ ਤੁਰੰਤ ਬਣਦੀਆਂ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾਣ।