ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਆਗੂ ’ਤੇ ਹਮਲਾ: ਕਿਸਾਨਾਂ ਨੇ ਮੰਤਰੀ ਬਰਿੰਦਰ ਗੋਇਲ ਦੀ ਰਿਹਾਇਸ਼ ਘੇਰੀ

05:33 AM May 04, 2025 IST
featuredImage featuredImage
ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਰਿਹਾਇਸ਼ ਅੱਗੇ ਧਰਨਾ ਦਿੰਦੇ ਹੋਏ ਕਿਸਾਨ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਮਈ
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨਿਰਭੈ ਸਿੰਘ ਖਾਈ ’ਤੇ ਹੋਏ ਕਾਤਲਾਨਾ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਜੋਂ ਅੱਜ ਸਥਾਨਕ ਅਨਾਜ ਮੰਡੀ ਵਿੱਚ ਰੈਲੀ ਕੀਤੀ ਗਈ। ਰੈਲੀ ਵਿੱਚ ਲਗਪਗ 20 ਜਥੇਬੰਦੀਆਂ ਦੇ ਹਜ਼ਾਰਾਂ ਕਾਰਕੁਨਾਂ ਸ਼ਿਰਕਤ ਕੀਤੀ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਰੈਲੀ ਤੋਂ ਬਾਅਦ ਨਾਅਰੇਬਾਜ਼ੀ ਕਰਦੇ ਹੋਏ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਲਹਿਰਾਗਾਗਾ ਸਥਿਤ ਘਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਬਰਿੰਦਰ ਗੋਇਲ ਦੀ ਗੈਰ-ਮੌਜੂਦਗੀ ਵਿੱਚ ਕੈਬਨਿਟ ਮੰਤਰੀ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ’ਤੇ ਭੂ-ਮਾਫੀਆ ਨੇ ਸਕੂਲ ਡਿਊਟੀ ’ਤੇ ਜਾਣ ਵੇਲੇ ਹਮਲਾ ਕਰ ਕੇ ਉਨ੍ਹਾਂ ਦੀਆਂ ਲੱਤਾਂ ਅਤੇ ਬਾਂਹਾਂ ਤੋੜ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਅੱਜ ਵੀ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਪਰ ਪੁਲੀਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਇਸ ਦੇ ਰੋਸ ਵਜੋਂ ਜਥੇਬੰਦੀ ਸੰਘਰਸ਼ ਕਰ ਰਹੀ ਹੈ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਮਿੰਦਰ ਸਿੰਘ ਪਟਿਆਲਾ, ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਬੀਕੇਯੂ ਏਕਤਾ ਆਜ਼ਾਦ ਦੇ ਆਗੂ ਲੀਲਾ ਸਿੰਘ ਚੋਟੀਆਂ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਸਕੱਤਰ ਬਹਾਦਰ ਸਿੰਘ ਭੁਟਾਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਖੰਡੇਬਾਦ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਨੇ ਦੋਸ਼ ਲਾਇਆ ਕਿ ਸਥਾਨਕ ਇਲਾਕੇ ਵਿੱਚ ਸਰਗਰਮ ਭੂ-ਮਾਫੀਆ ਗਰੋਹ ਲੋਕਾਂ ਦੀਆਂ ਆਪਸੀ ਪਰਿਵਾਰਕ ਰੌਲੇ ਵਾਲੀਆਂ ਜ਼ਮੀਨਾਂ ਨੂੰ ਸਸਤੇ ਭਾਅ ਖਰੀਦ ਕੇ ਉਨ੍ਹਾਂ ’ਤੇ ਕਬਜ਼ੇ ਕਰਦਾ ਹੈ ਤੇ ਅੱਗੇ ਮਹਿੰਗੇ ਭਾਅ ਵੇਚਦਾ ਹੈ। ਇਸ ਗਰੋਹ ਦੀ ਪੁਸ਼ਤਪਨਾਹੀ ਕਥਿਤ ਤੌਰ ’ਤੇ ਸਥਾਨਕ ਮੰਤਰੀ ਕਰ ਰਹੇ ਹਨ। ਪਿੰਡ ਖਾਈ ਵਿੱਚ ਜਦੋਂ ਇਸ ਗਰੋਹ ਨੇ ਇੱਕ ਪਰਿਵਾਰ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੂਰੇ ਪਿੰਡ ਅਤੇ ਮਾਸਟਰ ਨਿਰਭੈ ਸਿੰਘ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਇਸ ਦੀ ਰੰਜਿਸ਼ ਵਿੱਚ ਗਰੋਹ ਨੇ ਨਿਰਭੈ ਸਿੰਘ ’ਤੇ ਕਾਤਲਾਨਾ ਹਮਲਾ ਕੀਤਾ। ਸਿਆਸੀ ਦਬਾਅ ਹੇਠ ਪੁਲੀਸ ਪ੍ਰਸ਼ਾਸਨ ਕਥਿਤ ਤੌਰ ’ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਿਹਾ। ਇਸ ਦੌਰਾਨ ਡੀਐੱਸਪੀ ਲਹਿਰਾਗਾਗਾ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ ਅਤੇ ਉਨ੍ਹਾਂ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਅੱਜ ਦੇ ਧਰਨੇ ਨੂੰ ਲੋਕ ਚੇਤਨਾ ਮੰਚ ਦੇ ਆਗੂ ਰਘਬੀਰ ਸਿੰਘ ਭੁਟਾਲ, ਖੇਤੀਬਾੜੀ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਨਵਾਂਗਾਓਂ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੋਬਿੰਦ ਸਿੰਘ ਛਾਜਲੀ, ਜਮਹੂਰੀ ਅਧਿਕਾਰ ਸਭਾ ਦੇ ਆਗੂ ਕੁਲਦੀਪ ਸਿੰਘ, ਮੁਲਾਜ਼ਮ ਆਗੂ ਪੂਰਨ ਖਾਈ, ਰਘਵੀਰ ਸਿੰਘ ਭਵਾਨੀਗੜ੍ਹ, ਦਲਜੀਤ ਸਿੰਘ ਸਫੀਪੁਰ ਤੇ ਦਰਸ਼ਨ ਸਿੰਘ ਕੁੰਨਰਾਂ ਨੇ ਵੀ ਸੰਬੋਧਨ ਕੀਤਾ।

Advertisement

ਡੀਐੱਸਪੀ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਭਰੋਸਾ
ਡੀਐੱਸਪੀ ਮੂਨਕ ਗੁਰਿੰਦਰ ਸਿੰਘ ਬੱਲ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲੀਸ ਦੇ ਭਰੋਸੇ ਮਗਰੋਂ ਜਥੇਬੰਦੀਆਂ ਨੇ ਘਿਰਾਓ ਖਤਮ ਕਰ ਕੇ ਐਲਾਨ ਕੀਤਾ ਕਿ ਜੇਕਰ ਛੇਤੀ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੁੰਦੀ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 13 ਮਈ ਨੂੰ ਸੰਗਰੂਰ ਵਿੱਚ ਇਸ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ।

Advertisement
Advertisement