ਕਿਸਾਨ ਜਥੇਬੰਦੀਆਂ ਵੱਲੋਂ ਜਬਰ ਵਿਰੋਧੀ ਰੈਲੀ ਅੱਜ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਮਈ
ਕਿਸਾਨ ਤੇ ਅਧਿਆਪਕ ਆਗੂ ਨਿਰਭੈ ਸਿੰਘ ਖਾਈ ਦੀਆਂ ਲੱਤਾਂ-ਬਾਹਾਂ ਤੋੜਨ ਦੀ ਵਾਪਰੀ ਘਟਨਾ ਨੂੰ ਇੱਕ ਮਹੀਨਾ ਬੀਤਣ ’ਤੇ ਵੀ ਹਮਲਾਵਰਾਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 26 ਮਈ ਨੂੰ ਸੰਗਰੂਰ ’ਚ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਕਿਸਾਨ ਤੇ ਅਧਿਆਪਕ ਜਥੇਬੰਦੀਆਂ ਦੇ ਵਰਕਰ ਸ਼ਮੂਲੀਅਤ ਕਰਕੇ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੇ। ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ ਢੱਡਰੀਆਂ, ਰੱਤੋਕੇ, ਸਾਹੋਕੇ ਅਤੇ ਤਕੀਪੁਰ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਵਿੱਤ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਭਲਕੇ 26 ਮਈ ਨੂੰ ਅਨਾਜ ਮੰਡੀ ਸੰਗਰੂਰ ’ਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ ਜਿਸ ਤੋਂ ਬਾਅਦ ਡੀਸੀ ਦਫ਼ਤਰ ਤੱਕ ਰੋਸ ਮਾਰਚ ਵੀ ਕੀਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਸਿਆਸੀ ਦਬਾਅ ਹੇਠ ਹਮਲਾਵਰਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਰੋਸ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਢੱਡਰੀਆਂ, ਰੱਤੋਕੇ, ਸਾਹੋਕੇ ਅਤੇ ਤਕੀਪੁਰ ਦੀਆਂ ਮੀਟਿੰਗਾਂ ’ਚ ਇਕਾਈ ਢੱਡਰੀਆਂ ਦੇ ਪ੍ਰਧਾਨ ਜੋਗਾ ਸਿੰਘ, ਤਕੀਪੁਰ ਦੇ ਪ੍ਰਧਾਨ ਸਾਹਿਬ ਸਿੰਘ, ਰੱਤੋਕੇ ਦੇ ਪ੍ਰਧਾਨ ਹਰਜਿੰਦਰ ਸਿੰਘ ਤੇ ਸੁਲਤਾਨ ਸਿੰਘ, ਸਾਹੋਕੇ ਦੇ ਆਗੂ ਅਵਤਾਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।