ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ
ਪੱਤਰ ਪ੍ਰੇਰਕ
ਭੁੱਚੋ ਮੰਡੀ, 4 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਐਕਸ਼ਨ ਕਮੇਟੀ ਵੱਲੋਂ ਗੋਨਿਆਨਾ ਦੇ ਮਾਰੇ ਗਏ ਨੌਜਵਾਨ ਨਰਿੰਦਰਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 5 ਜੂਨ ਨੂੰ ਬਠਿੰਡਾ ਦੇ ਐੱਸਐੱਸਪੀ ਦਫ਼ਤਰ ਅੱਗੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਸਬੰਧੀ ਤਿਆਰੀ ਕੀਤੀ ਗਈ ਅਤੇ ਜਿਉਂਦ ਤੇ ਚਾਉਕੇ ਵਿੱਚ ਸਰਕਾਰ ਦੇ ਜਬਰ ਨੂੰ ਰੋਕਣ ਲਈ ਬਲਾਕਾਂ ਤੇ ਪਿੰਡਾਂ ਵਿੱਚ ਮੀਟਿੰਗਾਂ ਰਾਹੀਂ ਮੁਹਿੰਮ ਚਲਾਉਣ ਦੀ ਵਿਉਂਤਬੰਦੀ ਕੀਤੀ ਗਈ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਮਹਿਲਾ ਹਰਿੰਦਰ ਬਿੰਦੂ ਨੇ ਕਿਹਾ ਕਿ ਸੀਆਈਏ ਸਟਾਫ -2 ਬਠਿੰਡਾ ਵੱਲੋਂ ਗੋਨਿਆਨਾ ਦੇ ਨੌਜਵਾਨ ’ਤੇ ਕਥਿਤ ਤਸ਼ੱਦਦ ਢਾਹਿਆ ਗਿਆ। ਪਿੰਡ ਜਿਉਂਦ ਵਿੱਚ ਲੋਕਾਂ ਕੋਲੋਂ ਜ਼ਮੀਨਾਂ ਖੋਹਣ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਪਿੰਡ ਚਾਉਕੇ ਦੇ ਆਦਰਸ਼ ਸਕੂਲ ਦੇ ਪ੍ਰਬੰਧਕਾਂ ਖ਼ਿਲਾਫ਼ ਡੀਸੀ ਬਠਿੰਡਾ ਨੇ ਪੜਤਾਲ ਕਰਕੇ ਦੋਸ਼ ਆਇਦ ਕਰ ਦਿੱਤੇ ਹਨ, ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਇ ਅਧਿਆਪਕਾਂ ਨੂੰ ਬਰਖਾਸਤ ਕੀਤਾ ਗਿਆ।