ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਦਾ ਮੋਬਾਈਲ ਖੋਹਿਆ
ਪੱਤਰ ਪ੍ਰੇਰਕ
ਜ਼ੀਰਾ, 6 ਫਰਵਰੀ
ਪਿੰਡ ਮਹੀਆਂ ਵਾਲਾ ਕਲਾਂ ਦੇ ਵਸਨੀਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਪ੍ਰੀਤਮ ਸਿੰਘ ਕੋਲੋਂ ਦੋ ਅਣਪਛਾਤੇ ਵਿਅਕਤੀਆਂ ਨੇ ਜਿੱਥੇ ਮੋਬਾਈਲ ਖੋਹ ਲਿਆ ਉਥੇ ਧਮਕੀਆਂ ਵੀ ਦਿੱਤੀਆਂ।
ਇਸ ਬਾਰੇ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਸਾਂਝਾ ਮੋਰਚਾ ਜ਼ੀਰਾ ਤੋਂ ਆਪਣੇ ਪਿੰਡ ਮਹੀਆਂ ਵਾਲਾ ਕਲਾਂ ਪਰਤ ਰਿਹਾ ਸੀ ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ। ਰਾਹ ਵਿੱਚ ਰੋਕ ਕੇ ਉਨ੍ਹਾਂ ਉਸ ਦੇ ਮੋਟਰਸਾਈਕਲ ਦੀ ਚਾਬੀ ਕੱਢ ਲਈ। ਉਸ ਵੱਲੋਂ ਵਿਰੋਧ ਕੀਤੇ ਜਾਣ ‘ਤੇ ਉਨ੍ਹਾਂ ਮੋਬਾਈਲ ਫੋਨ ਤੇ ਚਾਰਜਰ ਵੀ ਖੋਹ ਲਿਆ ਅਤੇ ਧਮਕੀਆਂ ਦਿੱਤੀਆਂ ਕਿ ਜੇ ਉਹ ਸਾਂਝਾ ਮੋਰਚਾ ਜ਼ੀਰਾ ਵਿੱਚ ਗਿਆ ਤਾਂ ਚੰਗਾ ਨਹੀਂ ਹੋਵੇਗਾ। ਪ੍ਰੀਤਮ ਸਿੰਘ ਨੇ ਦੱਸਿਆ ਕਿ ਇਹੀ ਦੋ ਵਿਅਕਤੀ ਲੰਘੀ ਦੇਰ ਰਾਤ ਸਾਂਝਾ ਮੋਰਚਾ ਵਿਚ ਵੀ ਘੁੰਮ ਰਹੇ ਸਨ ਤੇ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਪਰ ਇਨ੍ਹਾਂ ਵਿਅਕਤੀਆਂ ਦੀ ਪਛਾਣ ਨਹੀਂ ਕੀਤੀ ਜਾ ਸਕੀ। ਇਸ ਸਬੰਧੀ ਪ੍ਰੀਤਮ ਸਿੰਘ ਵੱਲੋਂ ਥਾਣਾ ਸਦਰ ਜ਼ੀਰਾ ਵਿਚ ਲਿਖਤੀ ਦਰਖਾਸਤ ਦਿੱਤੀ ਗਈ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਦਾ ਮੋਬਾਈਲ ਵਾਪਸ ਦਿਵਾਇਆ ਜਾਵੇ। ਥਾਣਾ ਸਦਰ ਜ਼ੀਰਾ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਕਿਹਾ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।