ਕੁਲਤਾਰਨ ਕੋਛੜ ਐਜੂਕੇਸ਼ਨ ਸੈੱਲ ਦੇ ਚੇਅਰਮੈਨ ਨਿਯੁਕਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਕੁਲਤਾਰਨ ਸਿੰਘ ਕੋਛੜ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਜੂਕੇਸ਼ਨ ਸੈੱਲ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਹੋਰ ਪਤਵੰਤੇ ਮੈਂਬਰਾਂ ਦੀ ਹਾਜ਼ਰੀ ਵਿਚ ਕੁਲਤਾਰਨ ਸਿੰਘ ਕੋਛੜ ਨੂੰ ਨਿਯੁਕਤੀ ਪੱਤਰ ਸੌਂਪਿਆ। ਲੰਘੇ ਦਿਨੀਂ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋਏ ਸਨ। ਇਸ ਮੌਕੇ ਗੱਲਬਾਤ ਕਰਦਿਆਂ ਕੋਛੜ ਨੇ ਕਮੇਟੀ ਲੀਡਰਸ਼ਿਪ ਤੇ ਸੰਗਤ ਨੂੰ ਭਰੋਸਾ ਦੁਆਇਆ ਕਿ ਉਹ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਸਿੱਖਿਆ ਸੇਵਾਵਾਂ ਵਿਚ ਸੁਧਾਰ ਵਾਸਤੇ ਦਿਨ-ਰਾਤ ਤਨਦੇਹੀ ਕੰਮ ਕਰਨਗੇ। ਇਸ ਮੌਕੇ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਆਸ ਪ੍ਰਗਟ ਕੀਤੀ ਕਿ ਸਰਦਾਰ ਕੋਛੜ ਦੀ ਅਗਵਾਈ ’ਚ ਐਜੂਕੇਸ਼ਨ ਸੈਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਕਮੇਟੀ ਵੱਲੋਂ ਪਹਿਲਾਂ ਹੀ ਗੁਰਦੁਆਰਾ ਪ੍ਰਬੰਧਨ ਸਮੇਤ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਕਾਫੀ ਮਿਹਨਤ ਕੀਤੀ ਗਈ ਹੈ।