ਕੂਲਰ ਫੈਕਟਰੀ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
ਪੱਤਰ ਪ੍ਰੇਰਕ
ਮਾਨਸਾ, 15 ਅਪਰੈਲ
ਪਿੰਡ ਅਹਿਮਦਪੁਰ ਰੇਲਵੇ ਫਾਟਕ ਦੇ ਨਜ਼ਦੀਕ ਅਗਰਵਾਲ ਇੰਡਸਟਰੀਅਲ ਕੂਲਰ ਫੈਕਟਰੀ ਵਿੱਚ ਅੱਜ ਬਾਅਦ ਦੁਪਹਿਰ ਸਮੇਂ ਭਿਆਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।
ਅਸ਼ੋਕ ਕੁਮਾਰ ਨੇ ਦੱਸਿਆ ਕਿ ਦੁਪਹਿਰ ਸਮੇਂ ਜਦੋਂ ਉਨ੍ਹਾਂ ਨੂੰ ਫੈਕਟਰੀ ’ਚ ਅੱਗ ਲੱਗਣ ਦਾ ਪਤਾ ਲੱਗਿਆ ਤਾਂ ਉਨ੍ਹਾਂ ਨਗਰ ਕੌਂਸਲ ਬੁਢਲਾਡਾ ਦੀ ਫਾਈਰ ਬ੍ਰਿਗੇਡ ਨਾਲ ਸੰਪਰਕ ਕੀਤਾ। ਪਿੰਡ ਅਹਿਮਦਪੁਰ ਦੇ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰ ਕੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਪਾਣੀ ਦੀਆਂ ਟੈਂਕੀਆਂ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਅੱਗ ਉਪਰ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ, ਸਰਪੰਚ ਹਰਭਜਨ ਸਿੰਘ ਅਹਿਮਦਪੁਰ, ਫਾਇਰ ਬਿਗ੍ਰੇਡ ਮੁਲਾਜ਼ਮ ਮਨਜੀਤ ਸਿੰਘ, ਕੌਂਸਲਰ ਸੁਖਜੀਤ ਸਿੰਘ ਸੋਨੀ, ਕੌਂਸਲਰ ਪ੍ਰੇਮ ਕੁਮਾਰ, ਬਲਵਿੰਦਰ ਬਿੰਦਰੀ, ਕਾਲਾ ਧਲੇਵਾ ਅਹਿਮਦਪੁਰ ਤੋਂ ਇਲਾਵਾ ਵੱਡੀ ਗਿਣਤੀ ’ਚ ਆਸ-ਪਾਸ ਦੇ ਲੋਕਾਂ ਵੱਲੋਂ ਅੱਗ ਬੁਝਾਉਣ ’ਚ ਸਹਿਯੋਗ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।