ਕੇਂਦਰ ਦਾ ਚੰਡੀਗੜ੍ਹ ਵਿੱਚੋਂ ਲਾਲ ਡੋਰਾ ਖਤਮ ਕਰਨ ਤੋਂ ਇਨਕਾਰ
ਆਤਿਸ਼ ਗੁਪਤਾ
ਚੰਡੀਗੜ੍ਹ, 10 ਦਸੰਬਰ
ਚੰਡੀਗੜ੍ਹ ਦੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਾਲ ਡੋਰਾ ਖਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਪਿੰਡਾਂ ਵਿੱਚੋਂ ਲਾਲ ਡੋਰਾ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਵਿੱਚ ਲਾਲ ਡੋਰੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕੀਤਾ।
ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਤੋਂ ਸਵਾਲ ਪੁੱਛਿਆ ਕਿ ਚੰਡੀਗੜ੍ਹ ਦੇ ਸਾਰੇ 22 ਪਿੰਡ ਨਗਰ ਨਿਗਮ ਅਧੀਨ ਆ ਚੁੱਕੇ ਹਨ, ਉਸ ਦੇ ਬਾਵਜੂਦ ਪਿੰਡਾਂ ਵਿੱਚ ਲਾਲ ਡੋਰਾ ਸੀਮਾ ਤੈਅ ਕੀਤੀ ਗਈ ਹੈ। ਲਾਲ ਡੋਰੇ ਕਾਰਨ ਇਸ ਦੇ ਅੰਦਰ ਤੇ ਬਾਹਰ ਰਹਿਣ ਵਾਲੇ ਲੋਕਾਂ ਨਾਲ ਵਿਕਾਸ ਦੇ ਨਾਮ ’ਤੇ ਭੇਦ-ਭਾਵ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਪੀਣ ਵਾਲਾ ਪਾਣੀ ਤੱਕ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ ਹੈ। ਲਾਲ ਡੋਰੇ ਕਰਕੇ ਚੰਡੀਗੜ੍ਹ ਨਗਰ ਨਿਗਮ ਅਧੀਨ ਰਹਿਣ ਵਾਲੇ ਲੋਕਾਂ ਦਾ ਜੀਵਨ ਵੀ ਨਰਕ ਵਰਗਾ ਬਣਿਆ ਹੋਇਆ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਲਾਲ ਡੋਰੇ ਨਾਲ ਕੋਈ ਛੇੜ-ਛਾੜ ਨਹੀਂ ਕੀਤੀ ਜਾ ਸਕਦੀ। ਸੰਸਦ ਮੈਂਬਰ ਸ੍ਰੀ ਤਿਵਾੜੀ ਨੇ ਕਿਹਾ ਕਿ ਜਦੋਂ ਚੰਡੀਗੜ੍ਹ ਦੇ ਸਾਰੇ ਪਿੰਡਾਂ ਨੂੰ ਨਗਰ ਨਿਗਮ ਵਿੱਚ ਲਿਆਂਦਾ ਗਿਆ ਹੈ ਤਾਂ ਲਾਲ ਡੋਰੇ ਦਾ ਕੋਈ ਮਤਲਬ ਨਹੀਂ ਹੈ। 22 ਪਿੰਡਾਂ ਦੇ ਨਗਰ ਨਿਗਮ ਵਿੱਚ ਆਉਣ ਦੇ ਨਾਲ ਹੀ ਲਾਲ ਡੋਰਾ ਖਤਮ ਕਰ ਦਿੱਤਾ ਜਾਣਾ ਚਾਹੀਦਾ ਹੈ, ਪਰ ਕੇਂਦਰ ਸਰਕਾਰ ਲੋਕਾਂ ਨਾਲ ਮਤਰੇਆ ਸਲੂਕ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ਦੀ ਆੜ੍ਹ ਵਿੱਚ ਚੰਡੀਗੜ੍ਹ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਸਾਲ 2019 ਵਿੱਚ ਚੰਡੀਗੜ੍ਹ ਵਿੱਚੋਂ ਸਾਰੀਆਂ ਪੰਚਾਇਤਾਂ ਭੰਗ ਕਰਦੇ ਹੋਏ ਚੰਡੀਗੜ੍ਹ ਦੇ 22 ਪਿੰਡਾਂ ਨੂੰ ਨਗਰ ਨਿਗਮ ਅਧੀਨ ਲਿਆਂਦਾ ਗਿਆ ਸੀ। ਇਸ ਦੌਰਾਨ ਯੂਟੀ ਪ੍ਰਸ਼ਾਸਨ ਨੇ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਕਰਨ ਦਾ ਭਰੋਸਾ ਦਿੱਤਾ ਸੀ। ਪੰਜ ਸਾਲ ਬਾਅਦ ਵੀ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਨਹੀਂ ਹੋ ਸਕਿਆ। ਇਨ੍ਹਾਂ ਹੀ ਨਹੀਂ ਪਿੰਡਾਂ ਦੇ ਲੋਕਾਂ ਦੀ ਲਾਲ ਡੋਰੇ ਨੂੰ ਖਤਮ ਕਰਨ ਸਬੰਧੀ ਮੁੱਖ ਮੰਗ ਵੀ ਪੂਰੀ ਨਹੀਂ ਹੋ ਸਕੀ। ਦੱਸਣਯੋਗ ਹੈ ਕਿ ਪਿਛਲੇ ਦਿਨੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਚੰਡੀਗੜ੍ਹ ਵਿੱਚੋਂ ਲਾਲ ਡੋਰੇ ਦੀ ਵਿਵਸਥਾ ਬਾਰੇ ਮੁੜ ਵਿਚਾਰ ਕਰਨ ਦੀ ਗੱਲ ਆਖੀ ਸੀ।
ਗੌਰਤਲਬ ਹੈ ਕਿ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਵਿੱਚ ਲਗਾਤਾਰ ਸ਼ਹਿਰ ਦੇ ਮੁੱਦਿਆ ਨੂੰ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਬੀਤੇ ਦਿਨੀਂ ਲੋਕ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਵੀ ਮਨੀਸ਼ ਤਿਵਾੜੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਚੱਲ ਰਹੇ ਧਰਨੇ ਵਿੱਚ ਪਹੁੰਚ ਕੇ ਸੈਨੇਟ ਚੋਣਾਂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਸੀ।