ਕੇਂਦਰ ਨੇ ਪੰਜਾਬੀਆਂ ਨਾਲ ਧੋਖਾ ਕੀਤਾ: ਵਿਧਾਇਕ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 2 ਮਈ
ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਪੰਜਾਬੀਆਂ ਦੇ ਪਾਣੀ ਦੇ ਹੱਕਾਂ ’ਤੇ ਡਾਕਾ ਮਾਰਨ ਦੇ ਫ਼ੈਸਲੇ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਰਹਿਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀ ਦੀ ਰਾਖੀ ਲਈ ਹਰ ਸੰਭਵ ਕਦਮ ਪੁੱਟੇਗੀ। ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ, ਪਾਣੀਆਂ ਦੇ ਮੁੱਦੇ ਉੱਤੇ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ, ਪੰਜਾਬ ਸਰਕਾਰ ਉੱਥੇ ਤੱਕ ਲੜੇਗੀ। ਵਿਧਾਇਕ ਰਹਿਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨਹੀਂ ਜਾਣ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ 90 ਫ਼ੀਸਦ ਖੇਤਰ ਦਾ ਜ਼ਮੀਨ ਹੇਠਲਾ ਪਾਣੀ ਡੂੰਘਾ ਹੋਣ ਸਦਕਾ ਡਾਰਕ ਜ਼ੋਨ ਘੋਸ਼ਿਤ ਹੋ ਚੁੱਕਾ ਹੈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਬੀ.ਬੀ. ਐੱਮ.ਬੀ. ਰਾਹੀਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ ਸਿੱਧੇ ਤੌਰ ਉੱਤੇ ਪੰਜਾਬੀਆਂ ਨਾਲ ਧੋਖਾ ਹੈ, ਜਿਸ ਨੂੰ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਹਰਿਆਣਾ ਤੇ ਰਾਜਸਥਾਨ ਦੀਆਂ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ, ਜ਼ਿਲ੍ਹਾ ਕੋਆਰਡੀਨੇਟਰ ਕਮ ਮੈਂਬਰ ਪੰਜਾਬ ਵਕਫ਼ ਬੋਰਡ ਸ਼ਹਿਬਾਜ਼ ਰਾਣਾ, ਬਲਾਕ ਪ੍ਰਧਾਨ ਜਗਜੀਤ ਸਿੰਘ ਹਾਜ਼ਰ ਸਨ।