‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਉਲਟ ਕੰਮ ਕੀਤਾ: ਬਾਜਵਾ
ਜਗਜੀਤ ਸਿੰਘ
ਹੁਸ਼ਿਆਰਪੁਰ, 14 ਜੂਨ
ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਨਿਆ ਕਿ ਪਿਛਲੇ ਸਮੇਂ ’ਚ ਉਨ੍ਹਾਂ ਦੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਲੋਕਾਂ ਨੇ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਹਰ ਵਾਅਦੇ ਦੇ ਉਲਟ ਕੰਮ ਕੀਤਾ ਹੈ ਅਤੇ ਡਾ. ਬੀਆਰ ਅੰਬੇਡਕਰ ਦੇ ਬੁੱਤਾਂ ਦੀਆਂ ਬੇਅਦਬੀਆਂ ਰੋਕਣ ਵਿੱਚ ਨਾਕਾਮ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਸ਼ਾਮਚੁਰਾਸੀ ’ਚ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਦੀ ਅਗਵਾਈ ਹੇਠ ਹੋਈ ‘ਸੰਵਿਧਾਨ ਬਚਾਓ ਰੈਲੀ’ ਦੌਰਾਨ ਸੰਬੋਧਨ ਕਰ ਰਹੇ ਸਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਡਾ. ਅੰਬੇਡਕਰ ਦੇ ਦੇਸ਼ ਭਰ ’ਚ ਲੱਗੇ ਬੁੱਤਾਂ ’ਚੋਂ ਨੁਕਸਾਨ ਸਿਰਫ਼ ਪੰਜਾਬ ਵਿੱਚ ਹੀ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਜਿਹੀਆਂ ਸ਼ਰਾਰਤਾਂ ਸੂਬਾ ਸਰਕਾਰ ਦੀਆਂ ਏਜੰਸੀਆਂ ਖ਼ੁਦ ਕਰਵਾ ਰਹੀਆਂ ਹਨ। ਯੁੱਧ ਨਸ਼ਿਆਂ ਵਿਰੁੱਧ ਬਾਰੇ ਉਨ੍ਹਾਂ ਕਿਹਾ ਕਿ ਕੇਜਰੀਵਾਲ ਮੁੱਖ ਮੰਤਰੀ ਨੂੰ ਤਾਂ ਨਸ਼ਾ ਮੁਕਤ ਕਰ ਨਹੀਂ ਸਕੇ, ਪੰਜਾਬ ਕਿੱਥੋਂ ਹੋ ਜਾਵੇਗਾ। ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਉਲਟ ਤਹਿਸੀਲਾਂ ਥਾਣਿਆਂ ਅੰਦਰ ਰਿਸ਼ਵਤ 8 ਤੋਂ 9 ਫ਼ੀਸਦੀ ਵਧੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰੈਲੀ ਦਾ ਮੰਤਵ ਰਾਹੁਲ ਗਾਂਧੀ ਦਾ ਸੰਵਿਧਾਨ ਬਚਾਓ ਦਾ ਸੁਨੇਹਾ ਪੰਜਾਬ ਦੇ ਹਰ ਖੂੰਜੇ ਵਿੱਚ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਰਐੱਸਐੱਸ ਤੇ ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਰਐੱਸਐੱਸ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਕਰਦੇ ਕਿਸਾਨਾਂ ਨੂੰ ਹਰਿਆਣਾ ਬਾਰਡਰਾਂ ਤੋਂ ਰਾਤ ਨੂੰ ਗ੍ਰਹਿ ਮੰਤਰੀ ਦੇ ਹੁਕਮਾਂ ’ਤੇ ਹੀ ਜਬਰੀ ਚੁੱਕਿਆ ਗਿਆ ਅਤੇ ਟਰਾਲੀਆਂ ਸਮੇਤ ਹੋਰ ਸਾਮਾਨ ਚੋਰੀ ਕਰ ਲਿਆ। ਨਸ਼ੇ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਵੜਿੰਗ ਨੇ ਕਿਹਾ ਕਿ ਨੌਜਵਾਨਾਂ ’ਤੇ ਕੇਸ ਦਰਜ ਕਰਨ ਨਾਲ ਨਸ਼ਾ ਖ਼ਤਮ ਨਹੀਂ ਹੋਣਾ ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਪਵੇਗਾ। ਇਸ ਮੌਕੇ ਕੈਪਟਨ ਸੰਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਅਰੁਣ ਕੁਮਾਰ ਮਿੱਕੀ ਡੋਗਰਾ, ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਵਿਧਾਇਕ ਇੰਦੂ ਬਾਲਾ ਆਦਿ ਨੇ ਵੀ ਸੰਬੋਧਨ ਕੀਤਾ।