ਕੈਂਪ ਦੌਰਾਨ ਡੀਸੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਪੱਤਰ ਪ੍ਰੇਰਕ
ਜੀਂਦ, 21 ਮਈ
ਹਰਿਆਣਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਮਾਧਾਨ ਕੈਂਪ ਲਾਏ ਗਏ। ਕੈਂਪ ਦੌਰਾਨ ਇੱਕ ਹੀ ਛੱਤ ਹੇਠਾਂ ਬੈਠੇ ਸਾਰੇ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ। ਇਨ੍ਹਾਂ ਕੈਂਪਾਂ ਵਿੱਚ ਜ਼ਿਆਦਾਤਰ ਪੈਨਸ਼ਨ ਸਬੰਧੀ, ਨਾਜਾਇਜ਼ ਕਬਜ਼ਿਆਂ, ਰਾਸ਼ਨ ਕਾਰਡ, ਪਰਿਵਾਰ ਪਛਾਣ-ਪੱਤਰ, ਆਯੂਸ਼ਮਾਨ ਕਾਰਡ, ਪਾਣੀ ਲਾਈਨ, ਬਿਜਲੀ ਕੁਨੈਕਸ਼ਨ, ਬਿਜਲੀ ਦੀਆਂ ਤਾਰਾਂ ਆਦਿ ਸਮੱਸਿਆਵਾਂ ਆ ਰਹੀਆਂ ਹਨ। ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀ ਸਮੱਸਿਆਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਾਂ ਮੌਕੇ ’ਤੇ ਹੀ ਕਰ ਦਿੱਤਾ ਜਾਂਦਾ ਹੈ ਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਵਾਲੀ ਹਰ ਸ਼ਿਕਾਇਤ ਨੂੰ ਅਧਿਕਾਰੀ ਪੋਰਟਲ ’ਤੇ ਅਪਲੋਡ ਕਰ ਰਹੇ ਹਨ ਅਤੇ ਨਾਲ ਹੀ ਸਮੱਸਿਆ ਦੀ ਵਰਤਮਾਨ ਸਥਿਤੀ ਵੀ ਪੋਰਟਲ ’ਤੇਅਪਡੇਟ ਕੀਤੀ ਜਾ ਰਹੀ ਹੈ। ਡੀਸੀ ਨੇ ਦੱਸਿਆ ਕਿ ਜੀਂਦ ਵਿੱਚ ਹਰ ਮੰਗਲਵਾਰ ਤੇ ਵੀਰਵਾਰ ਨੂੰ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਕਿ ਹਰ ਸ਼ਿਕਾਇਤ ਅਤੇ ਸਮੱਸਿਆ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾਵੇ ਅਤੇ ਇਸ ਪ੍ਰਤੀ ਵਰਤੀ ਗਈ ਲਾਪ੍ਰਵਾਹੀ ਸਹਿਣ ਨਹੀਂ ਹੋਵੇਗੀ।