ਕੈਬਨਿਟ ਮੰਤਰੀ ਬੇਦੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪੱਤਰ ਪ੍ਰੇਰਕ
ਯਮੁਨਾਨਗਰ, 25 ਅਪਰੈਲ
ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹਰਿਆਣਾ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਹੋਈ। ਮੀਟਿੰਗ ਵਿੱਚ ਪਹਿਲਾਂ ਤੋਂ ਨਿਰਧਾਰਤ 16 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ ਕੈਬਨਿਟ ਮੰਤਰੀ ਨੇ 12 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਕੇ ਉਨ੍ਹਾਂ ਨੂੰ ਦਰਜ ਕਰਵਾਇਆ ਅਤੇ ਬਾਕੀ 4 ਸ਼ਿਕਾਇਤਾਂ ਨੂੰ ਅਗਲੀ ਮੀਟਿੰਗ ਤੱਕ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਖੁਰਦੀ ਦੇ ਵਸਨੀਕਾਂ ਨੇ ਬਿਜਲੀ ਸਪਲਾਈ ਦੀਆਂ ਤਾਰਾਂ ਦੀ ਵਾਰ-ਵਾਰ ਚੋਰੀ ਹੋਣ ਦੀ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਿਸਾਨਾਂ ਤੋਂ ਅਜਿਹੀਆਂ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਪੁਲੀਸ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਬਿਜਲੀ ਦੀਆਂ ਤਾਰਾਂ, ਟਿਊਬਵੈੱਲ ਮੋਟਰਾਂ ਆਦਿ ਚੋਰੀ ਦੀਆਂ ਘਟਨਾਵਾਂ ਜ਼ਿਆਦਾ ਹੋ ਰਹੀਆਂ ਹਨ। ਇਸ ਲਈ ਪੁਲੀਸ ਵਿਭਾਗ ਦੀ ਇੱਕ ਵਿਸ਼ੇਸ਼ ਟੀਮ ਬਣਾਈ ਜਾਵੇ ਜੋ ਮਾਮਲੇ ਦੀ ਜਾਂਚ ਕਰੇ ਅਤੇ ਚੋਰੀ ਨੂੰ ਰੋਕੇ। ਸਮਾਜ ਕਲਿਆਣ ਮੰਤਰੀ ਨੇ ਪਹਿਲਗਾਮ ਦੀ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਜਲਦੀ ਹੀ ਕੋਈ ਸਖਤ ਨਿਰਣਾ ਲੈਣਗੇ। ਮੀਟਿੰਗ ਵਿੱਚ ਜ਼ਿਆਦਾਤਰ ਸ਼ਿਕਾਇਤਾਂ ਸੀਵਰੇਜ, ਪਾਣੀ ਅਤੇ ਪ੍ਰਾਪਟੀ ਅਤੇ ਕਬਜ਼ਿਆਂ ਨਾਲ ਸੰਬਧਤ ਸਨ ਜਿਨ੍ਹਾਂ ਦਾ ਮੌਕੇ ’ਤੇ ਮੰਤਰੀ ਨੇ ਨਿਪਟਾਰਾ ਕੀਤਾ। ਇਸ ਮੌਕੇ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਡਿਪਟੀ ਕਮਿਸ਼ਨਰ ਪਾਰਥ ਗੁਪਤਾ, ਐੱਸਪੀ ਸੁਰਿੰਦਰ ਸਿੰਘ ਭੌਰੀਆ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਮੇਸ਼ ਠਸਕਾ, ਨਗਰ ਨਿਗਮ ਦੀ ਮੇਅਰ ਸ੍ਰੀਮਤੀ ਸੁਮਨ ਬਾਹਮਣੀ, ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਸੀਈਓ ਜ਼ਿਲ੍ਹਾ ਪਰਿਸ਼ਦ ਵਰਿੰਦਰ ਸਿੰਘ ਢੁੱਲ, ਐੱਸਈਓ ਨਰੇਂਦਰ ਕੁਮਾਰ ਰਾਮਾਛੇੜੀ, ਐੱਸਡੀਐਮ ਰੋਹਿਤ ਕੁਮਾਰ, ਬਿਲਾਸਪੁਰ ਦੇ ਐੱਸਡੀਐੱਮ ਜਸਪਾਲ ਸਿੰਘ ਗਿੱਲ, ਸੀਟੀਐੱਮ ਪਿਊਸ਼ ਗੁਪਤਾ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਸ਼ਨ ਸਿੰਗਲਾ, ਡੀਡੀਪੀਓ ਨਰਿੰਦਰ ਸਿੰਘ ਅਤੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।