ਕੈਬਨਿਟ ਮੰਤਰੀ ਵੱਲੋਂ ਨਵੇਂ ਸਰਪੰਚਾਂ ਨੂੰ ‘ਮਤਾ ਪਾਓ-ਵਿਕਾਸ ਕਰਾਓ’ ਦਾ ਸੱਦਾ
ਪੱਤਰ ਪ੍ਰੇਰਕ
ਅਜਨਾਲਾ, 5 ਜਨਵਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਬਲਾਕ ਅਜਨਾਲਾ ਨਾਲ ਸਬੰਧਿਤ ਨਵੇਂ ਚੁਣੇ ਸਰਪੰਚਾਂ ਨੂੰ ਵਿਕਾਸ ਕੰਮਾਂ ਸਮੇਤ ਲੋੜੀਂਦੀਆਂ ਯੋਜਨਾਵਾਂ ਸਮਝਾਉਣ ਅਤੇ ਹਰੇਕ ਵਿਭਾਗ ਦੇ ਅਧਿਕਾਰੀਆਂ ਨੂੰ ਰੂਬਰੂ ਕਰਨ ਲਈ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਅਜਨਾਲਾ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਉਂਦੇ ਦੋ ਸਾਲ ਵਿਕਾਸ ਕਾਰਜਾਂ ਨੂੰ ਹੀ ਸਮਰਪਿਤ ਹੋਣਗੇ ਅਤੇ ਜਿਸ ਵਿੱਚ ਪਿੰਡਾਂ ਦੀਆਂ ਗਲੀਆਂ, ਸੜਕਾਂ, ਫਿਰਨੀਆਂ, ਨਾਲੀਆਂ, ਸ਼ਮਸ਼ਾਨ ਘਾਟ ਸਮੇਤ ਪਿੰਡਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ, ਕਿਉਂਕਿ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਪਿੰਡ ਵਿੱਚ ਜੋ ਵੀ ਵਿਕਾਸ ਕਾਰਜ ਲੋੜੀਂਦੇ ਹਨ ਤਾਂ ਉਸ ਸਬੰਧੀ ਪੰਚਾਇਤ ਕਾਰਵਾਈ ਪਾ ਕੇ ਮਤਾ ਬੀਡੀਪੀਓ ਦਫਤਰ ਅਤੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਜਮ੍ਹਾਂ ਕਰਾਉਣ ਤਾਂ ਜੋ ਪਿੰਡ ਦਾ ਕੋਈ ਵੀ ਕੰਮ ਅਧੂਰਾ ਨਾ ਰਹਿ ਸਕੇ। ਉਨ੍ਹਾਂ ਸਰਪੰਚਾਂ ਨੂੰ ਬਿਨਾਂ ਭੇਦ-ਭਾਵ ਅਤੇ ਭ੍ਰਿਸ਼ਟਾਚਾਰ ਮੁਕਤ ਕੰਮ ਕਰਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇ ਕੋਈ ਇਹੋ ਜਿਹੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਸਬੰਧਤ ਸਰਪੰਚ, ਅਧਿਕਾਰੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਹਲਕਾ ਅਜਨਾਲਾ ਦੇ ਚਾਰੇ ਦਿਸ਼ਾਵਾਂ ਵਿੱਚ ਵੱਡੇ ਆਧੁਨਿਕ ਖੇਡ ਸਟੇਡੀਅਮ ਬਣਾਏ ਜਾਣਗੇ ਜਿਸ ਵਿੱਚ ਖਿਡਾਰੀਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਸਰਪੰਚਾਂ ਨੂੰ ਚੁਣ ਕੇ ਵਿਕਾਸ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਜੇ ਕੋਈ ਪਿੰਡ ਵਿਕਾਸ ਪੱਖੋਂ ਅਧੂਰਾ ਰਹਿੰਦਾ ਹੈ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਰਪੰਚ ਦੀ ਹੋਵੇਗੀ। ਇਸ ਮੌਕੇ ਉਨ੍ਹਾਂ ਹਲਕਾ ਅਜਨਾਲਾ ਦੇ ਵੱਖ-ਵੱਖ ਲੋੜਵੰਦ ਪਰਿਵਾਰਾਂ ਨੂੰ ਨਵੇਂ ਮਕਾਨ ਬਣਾਉਣ ਲਈ ਗਰਾਂਟ ਦੇ ਪੱਤਰ ਲਾਭਪਾਤਰੀਆਂ ਨੂੰ ਜਾਰੀ ਕੀਤੇ। ਇਸ ਮੌਕੇ ਨਵੇਂ ਚੁਣੇ ਗਏ ਸਰਪੰਚਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਵੱਲੋਂ ਲੋਕਾਂ ਦੇ ਕੰਮਾਂ ਸਬੰਧੀ ਸਮੱਸਿਆਵਾਂ ਨਾ ਹੱਲ ਕਰਨ ਦੀਆਂ ਮੌਕੇ ਤੇ ਸ਼ਿਕਾਇਤਾਂ ਕੈਬਨਿਟ ਮੰਤਰੀ ਨੂੰ ਦਿੱਤੀਆਂ, ਜਿਸ ’ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਹਰੇਕ ਵਿਭਾਗ ਵਿੱਚ ਸਰਪੰਚਾਂ ਦੁਆਰਾ ਕੀਤੇ ਜਾਣ ਵਾਲੇ ਕੰਮ ਅਤੇ ਲੋਕ ਹਿੱਤ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ।