ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲੇ ਵਿਚਾਰੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਦਸੰਬਰ
ਪੰਜਾਬ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਬਣਾਈ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਪਾਵਰਕੌਮ ਸੀਐਚਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ, ਸਰਬ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜ਼ਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨੇ ਇਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਸੌਂਪੇ। ਆਗੂਆਂ ਨੇ ਆਪਣੇ ਕੰਮ ਦੀ ਸਥਿਤੀ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ ਨਾਲ ਸਾਂਝਾ ਕੀਤਾ। ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ’ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਕੈਬਨਿਟ ਮੰਤਰੀਆਂ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬਹੁਤੇ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ। ਉਨ੍ਹਾਂ ਨੇ ਜਾਇਜ਼ ਮੰਗਾਂ ਨੂੰ ਤੁਰੰਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਪਾਵਰਕੌਮ ਸੀਐਚਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਅੰਗਰੇਜ਼ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਖਜ਼ਾਨਚੀ ਅਜੈ ਕੁਮਾਰ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਮੀਤ ਪ੍ਰਧਾਨ ਮੀਨੂੰ ਬਾਲਾ ਮੌਜੂਦ ਸਨ।