ਕੈਲੀਫੋਰਨੀਆ ਦੀ ’ਵਰਸਿਟੀ ਦੇ ਵਫ਼ਦ ਵੱਲੋਂ ਪੰਜਾਬ ਦਾ ਦੌਰਾ
ਆਤਿਸ਼ ਗੁਪਤਾ
ਚੰਡੀਗੜ੍ਹ, 29 ਮਾਰਚ
ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾ ਲਿਆ ਹੈ। ਇਸ ਲਈ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਫਾਰ ਐਗਰੀਕਲਚਰ ਸਾਇੰਸ ਐਂਡ ਟੈਕਨਾਲੋਜੀ ਦੇ ਵਿਸ਼ੇਸ਼ ਵਫ਼ਦ ਨੇ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਪ੍ਰੋ. ਸ੍ਰੀਮਤੀ ਸ਼ੈਰਨ ਐਲਿਜ਼ਬੈਥ ਤੇ ਐਸੋਸੀਏਟ ਪ੍ਰੋਫੈਸਰ ਗੁਰੀਤਪਾਲ ਸਿੰਘ ਬਰਾੜ ਅਤੇ ’ਵਰਸਿਟੀ ਦੇ ਵਿਦਿਆਰਥੀ ਸ਼ਾਮਲ ਸਨ। ਉਨ੍ਹਾਂ ਦਾ ਦੌਰਾ ਪੰਜਾਬ ਦੀ ਟਿਕਾਊ ਖੇਤੀਬਾੜੀ ਅਤੇ ਆਲਮੀ ਪੱਧਰ ’ਤੇ ਖੇਤੀਬਾੜੀ ਸੈਕਟਰ ਦੇ ਵਿਕਾਸ ਲਈ ਮਹੱਤਵਪੂਰਨ ਖੇਤਰਾਂ ਵਿੱਚ ਖੋਜ ਨੂੰ ਅੱਗੇ ਵਧਾਉਣ ਲਈ ਕੀਤੇ ਜਾਣ ਵਾਲੇ ਸਹਿਯੋਗੀ ਯਤਨਾਂ ਦਾ ਹਿੱਸਾ ਹੈ। ਪੰਜਾਬ ਅਤੇ ਕੈਲੀਫੋਰਨੀਆ ਦੇ ਖੇਤੀਬਾੜੀ ਆਗੂਆਂ ਨੇ ਮਿੱਟੀ ਅਤੇ ਪਾਣੀ ਦੀ ਸੰਭਾਲ ਨੂੰ ਦਰਪੇਸ਼ ਚੁਣੌਤੀਆਂ ’ਤੇ ਚਰਚਾ ਕੀਤੀ।
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ ਲਈ ਕੰਮ ਕਰ ਰਹੇ ਕੌਮਾਂਤਰੀ ਮਾਹਿਰਾਂ ਦੇ ਮੌਜੂਦਾ ਅਤੇ ਭਵਿੱਖੀ ਖੋਜ ਕਾਰਜਾਂ ਨੂੰ ਸਹਿਯੋਗ ਦੇਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਵਿਗਿਆਨ ਤੇ ਇਸ ਨਾਲ ਸਬੰਧਤ ਹੋਰ ਕਾਰਜਾਂ ਖ਼ਾਸ ਕਰ ਕੇ ਖੇਤੀ ਸੈਕਟਰ ਵਿੱਚ ਮਿੱਟੀ ਅਤੇ ਪਾਣੀ ਦੀ ਸੰਭਾਲ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਮੰਤਵ ਲਈ ਆਪਣਾ ਪੂਰਨ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਖੇਤੀਬਾੜੀ ਨਵੀਨਤਾ ਅਤੇ ਟਿਕਾਊ ਭੋਜਨ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਖੋਜ ਪੰਜਾਬ ਸੂਬੇ ਅਤੇ ਆਲਮੀ ਖੇਤੀਬਾੜੀ ਭਾਈਚਾਰੇ ਦੋਵਾਂ ਨੂੰ ਵੱਡੇ ਪੱਧਰ ’ਤੇ ਲਾਭ ਪਹੁੰਚਾਏਗੀ।