ਕੋਟਕਪੂਰਾ: ਸੰਧਵਾਂ ਵੱਲੋਂ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 31 ਮਾਰਚ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤੀ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਇਲਾਜ ਕਰਵਾਉਣ ’ਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਸਪਤਾਲ ਵਿੱਚ ਲੋੜੀਂਦੀਆਂ ਸਹੂਲਤਾਂ ਦੀ ਘਾਟ ਬਾਰੇ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਨੂੰ ਕਿਹਾ ਤਾਂ ਜੋ ਮਰੀਜ਼ਾਂ ਨੂੰ ਹੋਰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਮੌਕੇ ’ਤੇ ਮੌਜੂਦ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਨਾਲ ਵੀ ਗੱਲਬਾਤ ਕੀਤੀ ਤੇ ਇਲਾਜ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨੂੰ ਵੀ ਡਿਊਟੀ ਹੋਰ ਵਧੀਆ ਤਰੀਕੇ ਅਤੇ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਸਿਵਲ ਹਸਪਤਾਲ ਮੁਲਾਜ਼ਮਾਂ ਅਤੇ ਕੁਝ ਮਰੀਜ਼ਾਂ ਨੇ ਸਪੀਕਰ ਸੰਧਵਾਂ ਨੂੰ ਇਥੇ ਪਾਣੀ ਦੀ ਸਮੱਸਿਆ ਸਬੰਧੀ ਜਾਣੂ ਕਰਵਾਇਆ ਜਿਸ ’ਤੇ ਉਨ੍ਹਾਂ ਸਬੰਧਤ ਵਿਭਾਗ ਨੂੰ ਫੌਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਆਉਂਦੇ ਕੁਝ ਦਿਨਾਂ ਤਕ ਇਹ ਪਾਣੀ ਦਾ ਮਸਲਾ ਹੱਲ ਹੋ ਜਾਵੇਗਾ। ਇਸ ਸਮੇਂ ਉਨ੍ਹਾਂ ਦਵਾਈਆਂ ਦੀ ਸਰਕਾਰੀ ਸਪਲਾਈ ਦਾ ਰਿਕਾਰਡ ਵੀ ਦੇਖਿਆ। ਇਸ ਮੌਕੇ ਐੱਸਐੱਮਓ ਹਰਿੰਦਰ ਸਿੰਘ ਗਾਂਧੀ, ਈਐੱਮਓ ਪੁਸ਼ਪਰਾਜ ਸਿੰਘ, ਅਮਨਦੀਪ ਕੌਰ ਢਿੱਲੋਂ, ਜਸਪ੍ਰੀਤ ਕੌਰ, ਅਮਨਦੀਪ ਕੌਰ ਸਫਰੀ, ਭੁਪਿੰਦਰ ਸਿੰਘ ਅਤੇ ਰੂਪ ਪਾਲ ਸਿੰਘ ਮੌਜੂਦ ਸਨ।