ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਰੋਹਿਤ ਗੋਇਲ
ਤਪਾ ਮੰਡੀ, 1 ਜੂਨ
ਸਬ ਡਵੀਜ਼ਨਲ ਹਸਪਤਾਲ ਤਪਾ ਵਿੱਚ ਵਿਸ਼ਵ ਤੰਬਾਕੂ ਵਿਰੋਧੀ ਦਿਹਾੜੇ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਨੇ ਦੱਸਿਆ ਕਿ ਸਿਹਤ ਬਲਾਕ ਤਪਾ ਵੱਲੋਂ ਲੋਕਾਂ ਨੂੰ ਲਗਾਤਾਰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਤਪਾ ਦੀ ਟੀਮ ਵੱਲੋਂ ਤਪਾ ਸ਼ਹਿਰ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ। ਐੱਸਆਈ ਰਣਜੀਵ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ) ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਅਤੇ ਮੌਕੇ ’ਤੇ ਹੀ ਜੁਰਮਾਨਾ ਵਸੂਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ ’ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ ’ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਐਕਟ ਦੀ ਧਾਰਾ 6(ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6 (ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ।