ਕੋਠੇ ਮਨਵਾਲ ਦੀ ਪੰਚਾਇਤ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਦੀ ਹਮਾਇਤ
ਪੱਤਰ ਪ੍ਰੇਰਕ
ਪਠਾਨਕੋਟ, 4 ਅਪਰੈਲ
ਸੁਜਾਨਪੁਰ ਹਲਕੇ ਦੇ ਪਿੰਡ ਕੋਠੇ ਮਨਵਾਲ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਸ਼ਾਮਲ ਹੋਏ। ਮੀਟਿੰਗ ਵਿੱਚ ਸਮੂਹ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਉਹ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੀ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਪੁਰਜ਼ੋਰ ਸਮਰਥਨ ਕਰਨਗੇ। ਇਸ ਮੌਕੇ ਸਰਪੰਚ ਕਿਰਨ ਕੋਹਾਲ, ਪੰਚਾਇਤ ਸਕੱਤਰ ਅਸ਼ਵਨੀ ਕੁਮਾਰ, ਸਤਪਾਲ, ਮਿੱਠੂ, ਹੈਪੀ ਸ਼ਰਮਾ, ਬੀਕਾ, ਤਰਸੇਮ ਲਾਲ, ਰਾਧਾ ਰਾਣੀ, ਵਿਨੋਦ ਕੁਮਾਰ, ਰੇਖਾ ਕੁਮਾਰੀ ਆਦਿ ਹਾਜ਼ਰ ਸਨ।
ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਵੱਡੀ ਗਿਣਤੀ ਵਿੱਚ ਕੇਸ ਦਰਜ ਕੀਤੇ ਹਨ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹ ਭੇਜਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਹਰੇਕ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ।