ਕੌਂਸਲਰਾਂ ਵੱਲੋਂ ਨਸ਼ਾ ਤਸਕਰਾਂ ਦੀ ਜ਼ਮਾਨਤ ਨਾ ਦੇਣ ਦਾ ਅਹਿਦ
ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 2 ਜੂਨ
ਇੱਥੋਂ ਦੇ ਕੌਂਸਲਰਾਂ ਅਤੇ ਸਮਾਜਿਕ ਆਗੂਆਂ ਨੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਹਮਦਰਦਾਂ ਦੀ ਕਿਸੇ ਵੀ ਤਰ੍ਹਾਂ ਨਾਲ ਹਮਾਇਤ ਨਾ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਨਸ਼ਾ ਛੱਡਣ ਵਾਲਿਆਂ ਨੂੰ ਇੱਕ ਸਨਮਾਨਜਨਕ ਜੀਵਨ ਸ਼ੈਲੀ ਅਪਣਾਉਣ ਅਤੇ ਉਨ੍ਹਾਂ ਦੇ ਘਰਾਂ ਦੇ ਮਾਹੌਲ ਨੂੰ ਵਧੀਆ ਬਣਾਉਣ ਵਿੱਚ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਹੈ।
ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਵਿੱਚ ਮਾਲੇਰਕੋਟਲਾ ਦੇ ਐੱਸਐੱਸਪੀ ਗਗਨਅਜੀਤ ਸਿੰਘ ਦੀ ਰਹਿਨੁਮਾਈ ਵਿੱਚ ਇੱਥੋਂ ਦੀ ਪੁਲੀਸ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਡੀਐੱਸਪੀ ਰਣਜੀਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਕੀਤੀ ਗਈ ਪਲੇਠੀ ਮੀਟਿੰਗ ਦੌਰਾਨ ਸਮੂਹ ਕੌਂਸਲਰਾਂ ਦੇ ਅਹਿਦ ਕੀਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਪੂਰਾ ਸਹਿਯੋਗ ਦੇਣਗੇ ਅਤੇ ਆਪਣੇ ਆਪਣੇ ਇਲਾਕੇ ਦੇ ਨਸ਼ਿਆਂ ਦਾ ਗੁਲਾਮ ਹੋ ਚੁੱਕੇ ਨੌਜਵਾਨਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਵਿੱਚ ਨੀ ਪ੍ਰਸ਼ਾਸਨ ਦੀ ਮਦਦ ਕਰਨਗੇ।
ਐੱਸਐੱਸਪੀ ਗਗਨਅਜੀਤ ਸਿੰਘ ਨੇ ਦੱਸਿਆ ਕਿ ਅੱਜ ਡੀਐੱਸਪੀ ਰਣਜੀਤ ਸਿੰਘ ਬੈਂਸ, ਦਵਿੰਦਰ ਸਿੰਘ ਸੰਧੂ ਅਤੇ ਕੁਲਦੀਪ ਸਿੰਘ ਨੇ ਵੱਖ ਵੱਖ ਥਾਈਂ ਸਮਾਜਿਕ ਸੰਗਠਨਾਂ ਦੇ ਅਹੁਦੇਦਾਰਾਂ ਅਤੇ ਕੌਂਸਲਰਾਂ ਆਦਿ ਨਾਲ ਮੀਟਿੰਗਾਂ ਕਰਕੇ ਡੀ ਜੀ ਪੀ ਗੌਰਵ ਯਾਦਵ ਵੱਲੋਂ ਮਿਲੀਆਂ ਹਦਾਇਤਾਂ ਨੂੰ ਲਾਗੂ ਕਰਨ ਵਿੱਚ ਸਹਿਯੋਗ ਮੰਗਿਆ ਸੀ।
ਐੱਸ ਐੱਸ ਪੀ ਗਗਨ ਅਜੀਤ ਸਿੰਘ ਨੇ ਤਸੱਲੀ ਪ੍ਰਗਟ ਕੀਤੀ ਕਿ ਪੰਚਾਂ, ਸਰਪੰਚਾਂ ਤੇ ਕੌਂਸਲਰਾਂ ਨੇ ਕਿਸੇ ਵੀ ਹਾਲਤ ਵਿੱਚ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਹਮਦਰਦਾਂ ਦੀ ਜ਼ਮਾਨਤ ਨਾ ਦੇਣ ਦਾ ਅਹਿਦ ਕੀਤਾ ਸੀ।