ਕੌਂਸਲ ਵੱਲੋਂ ‘ਮੇਰਾ ਵਾਰਡ ਮੇਰੀ ਸ਼ਾਨ’ ਪ੍ਰਾਜੈਕਟ ਤਹਿਤ ਸਫ਼ਾਈ ਮੁਹਿੰਮ
ਮਿਹਰ ਸਿੰਘ
ਕੁਰਾਲੀ, 4 ਮਈ
ਸਥਾਨਕ ਨਗਰ ਕੌਂਸਲ ਨੇ ਸ਼ਹਿਰੀਆਂ ਨੂੰ ਸਫ਼ਾਈ ਪ੍ਰਬੰਧਨ ਅਤੇ ਸ਼ਹਿਰ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕਰਨ ਵਾਸਤੇ ‘ਮੇਰਾ ਵਾਰਡ ਮੇਰੀ ਸ਼ਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਸ਼ਹਿਰ ਦੇ ਵਾਰਡਾਂ ਵਿੱਚ ਜਾ ਕੇ ਉਨ੍ਹਾਂ ਦੀ ਸਫ਼ਾਈ ਕਰਨ ਤੋਂ ਇਲਾਵਾ, ਵਾਰਡਾਂ ਦੇ ਵਸਨੀਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਕੌਂਸਲ ਦੇ ਕਾਰਜਸਾਧਕ ਅਫ਼ਸਰ ਰਜਨੀਸ਼ ਸੂਦ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸੇ ਦੌਰਾਨ ਸੈਨੇਟਰੀ ਇੰਸਪੈਕਟਰ ਰਜਿੰਦਰ ਕੁਮਾਰ, ਸ਼ੇਰ ਸਿੰਘ ਅਤੇ ਸੀਐੱਫ ਨੀਤੂ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘਰਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਗਿੱਲੇ ਤੇ ਸੁੱਕੇ ਕੂੜੇ ਦਾ ਵੱਖੋ-ਵੱਖਰੇ ਢੰਗ ਨਾਲ ਨਿਬੇੜਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਇਹ ਕੂੜਾ ਖੁੱਲ੍ਹੀਆਂ ਥਾਵਾਂ ’ਤੇ ਸੁੱਟਣ ਦੀ ਥਾਂ ਸਹੀ ਨਿਬੇੜੇ ਲਈ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੇ ਹਵਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਗਿੱਲੇ ਤੇ ਸੁੱਕੇ ਕੂੜੇ ਲਈ ਵੱਖੋ ਵੱਖਰੇ ਡਸਟਬਿਨ ਲਗਾਉਣ ਦੀ ਅਪੀਲ ਵੀ ਕੀਤੀ।
ਕੌਂਸਲ ਦੀ ਟੀਮ ਨੇ ਘਰ-ਘਰ ਜਾ ਕੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਤੋਂ ਇਲਾਵਾ ਥਰਮੋਕੋਲ ਅਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਪ੍ਰੇਰਿਤ ਕੀਤਾ। ਕਾਜਰਸਾਧਕ ਅਫ਼ਸਰ ਰਜਨੀਸ਼ ਸੂਦ ਅਤੇ ਐੱਸਆਈ ਰਜਿੰਦਰ ਕੁਮਾਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਸ਼ਹਿਰੀ ਦੇ ਸਹਿਯੋਗ ਤੋਂ ਬਿਨਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣਾ ਅਸੰਭਵ ਹੈ।