ਕੌਮੀ ਲੋਕ ਅਦਾਲਤ ਦੌਰਾਨ 20,294 ਕੇਸਾਂ ਦਾ ਨਬਿੇੜਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਸਤੰਬਰ
ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਏ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਪੀ.ਐੱਸ. ਕਾਲੇਕਾ ਦੀ ਦੇਖ-ਰੇਖ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ, ਸੰਗਰੂਰ ਅਤੇ ਉਪ ਮੰਡਲ ਪੱਧਰ ਸੁਨਾਮ, ਮੂਨਕ, ਧੂਰੀ ਅਤੇ ਮਲੇਰਕੋਟਲਾ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।
ਇਸ ਮੌਕੇ ਮਨਜਿੰਦਰ ਸਿੰਘ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵੱਲੋਂ ਰਾਜਿੰਦਰ ਸਿੰਘ ਰਾਏ, ਜ਼ਿਲ੍ਹਾ ਤੇ ਸੈਸ਼ਨ ਜੱਜ ਨਾਲ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਲਗਾਏ ਗਏ ਸਮੂਹ ਬੈਂਚਾਂ ਦਾ ਦੌਰਾ ਕੀਤਾ ਗਿਆ ਅਤੇ ਪਾਰਟੀਆਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਨਬਿੇੜਨ ਲਈ ਉਤਸ਼ਾਹਿਤ ਕੀਤਾ ਗਿਆ। ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ ਕੁੱਲ 14 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 7 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਵੱਲੋਂ ਕੀਤੀ ਗਈ। ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 31269 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 20294 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 538105618/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਮਨਜਿੰਦਰ ਸਿੰਘ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਅੱਜ ਦੀ ਕੌਮੀ ਲੋਕ ਅਦਾਲਤ ’ਚ ਪੰਜਾਬ ਭਰ ਵਿੱਚ ਕੁੱਲ 2 ਲੱਖ 71 ਹਜ਼ਾਰ ਕੇਸ ਲੱਗੇ ਹਨ ਜਿਨ੍ਹਾਂ ਵਿੱਚੋਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ’ਚ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਹੋਣ ਨਾਲ ਜਿਥੇ ਦੋਵੇਂ ਧਿਰਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ।