ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਵੱਲੋਂ ਕੱਕੜਵਾਲ ਚੌਕ ’ਚ ਧਰਨਾ
ਧੂਰੀ, 9 ਅਪਰੈਲ
ਸਿੱਖਿਆ ਦਾ ਅਧਿਕਾਰ ਕਾਨੂੰਨ-2009 ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਨਾ ਕਰਨ ਵਿਰੁੱਧ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਅਤੇ ਹੋਰ ਹਮਖਿਆਲੀ ਜਥੇਬੰਦੀਆਂ ਵੱਲੋਂ ਕੱਕੜਵਾਲ ਚੌਕ ਧੂਰੀ ਵਿੱਚ ਧਰਨਾ ਦਿੱਤਾ ਗਿਆ। ਮੋਰਚੇ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਕਿਹਾ ਕਿ ਸਿੱਖਿਆ ਦਾ ਅਧਿਕਾਰ ਕਾਨੂੰਨ-2009 ਪੰਜਾਬ ਨੂੰ ਛੱਡ ਕੇ ਪੂਰੇ ਭਾਰਤ ਵਿੱਚ ਲਾਗੂ ਹੈ। ਕਾਨੂੰਨ ਤਹਿਤ ਗੈਰ-ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 25 ਫ਼ੀਸਦ ਹਰ ਵਰਗ ਦੇ ਗਰੀਬ ਬੱਚਿਆਂ ਨੂੰ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਮੁਫ਼ਤ ਵਿਦਿਆ ਦੇਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਇਸ ਕਾਨੂੰਨ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰਵਾਉਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਵੀ ਦਿੱਤੇ ਗਏ ਪਰ ਫਿਰ ਵੀ ਇਸ ਕਾਨੂੰਨ ਸਕੂਲਾਂ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਗਰੀਬ ਬੱਚਿਆਂ ਦੇ ਹੱਕ ਮਾਰੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਗਰੂਰ ਅਤੇ ਐੱਸਐੱਚਓ ਧੂਰੀ ਨੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਡਿਪਟੀ ਕਮਿਸ਼ਨਰ ਸੰਗਰੂਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਦੇ ਨਾਂ ’ਤੇ ਮੰਗ ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਮਸਲੇ ਦਾ ਜਲਦੀ ਹੱਲ ਕੀਤਾ ਜਾਵੇਗਾ ਅਤੇ ਮੰਚ ਦੇ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਕਰਵਾਈ ਜਾਵੇਗੀ।