ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਕੌਮੀ ਕਿਸਾਨ ਦਿਵਸ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਦਸੰਬਰ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕੌਮੀ ਕਿਸਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਹਾਇਕ ਕਿੱਤੇ ਅਪਣਾਉਣ ਅਤੇ ਟਿਕਾਊ ਖੇਤੀ ਕਰਨ ਵਾਲੇ ਵਾਲੇ 12 ਪ੍ਰਗਤੀਸ਼ੀਲ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੇ ਸੱਦੇ ’ਤੇ 40 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਨ ਡਾ. ਮਨਦੀਪ ਸਿੰਘ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਕਿਸਾਨ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਮਨਦੀਪ ਸਿੰਘ ਨੇ ਪੀਏਯੂ ਦੀਆਂ ਖੋਜ ਅਤੇ ਪਸਾਰ ਸਿੱਖਿਆ ਸਬੰਧੀ ਗਤੀਵਿਧੀਆਂ ਬਾਰੇ ਗੱਲ ਕੀਤੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਭੂਮਿਕਾ ਬਾਰੇ ਵੀ ਜਾਣੂ ਕਰਵਾਇਆ। ਇਸ ਸਮਾਗਮ ਦਾ ਇੱਕ ਮੁੱਖ ਆਕਰਸ਼ਣ ਖੇਤੀ ਉਤਪਾਦਾਂ ਦੀ ਪ੍ਰਦਰਸ਼ਨੀ ਸੀ ਜਿਸ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਵੱਲੋਂ ਖੁਦ ਤਿਆਰ ਕੀਤੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਅਖੀਰ ਵਿੱਚ ਪ੍ਰਗਤੀਸ਼ੀਲ ਕਿਸਾਨਾਂ ਨੂੰ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਲੋਂ ਵੀ ਖੇਤੀਬਾੜੀ ਅਤੇ ਸਹਾਇਕ ਕਿੱਤਿਆਂ ਵਿੱਚ ਆਪਣੀ ਸਫ਼ਲਤਾ ਅਤੇ ਤਜ਼ਰਬਿਆਂ ਨੂੰ ਸਭਨਾਂ ਨਾਲ ਸਾਂਝਾ ਕੀਤਾ।