ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡਾਂ ਵਿੱਚ ਕੈਂਪ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 3 ਜੂਨ
ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ’ ਤਹਿਤ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਵੱਲੋਂ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਰਾਜ ਸਰਕਾਰਾਂ ਦੇ ਸਹਿਯੋਗ ਨਾਲ 12 ਜੂਨ ਤੱਕ ਪਿੰਡਾਂ ’ਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੇਂਦਰ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਫਲ ਖੋਜ ਕੇਂਦਰ ਗੰਗੀਆਂ ਦੇ ਸਹਿਯੋਗ ਨਾਲ ਇਹ ਕੈਂਪ 29 ਮਈ ਤੋਂ ਸ਼ੁਰੂ ਹੋਏ। ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 36 ਪਿੰਡਾਂ ਕੈਂਪ ਲਗਾਏ ਜਾ ਚੁੱਕੇ ਹਨ। ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਮੁੱਖ ਫਸਲਾਂ ਝੋਨਾ, ਮੱਕੀ ਤੇ ਕਮਾਦ, ਤੇਲਬੀਜ, ਦਾਲਾਂ, ਫਲ ਤੇ ਸਬਜ਼ੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ, ਕੁਦਰਤੀ ਤੇ ਜੈਵਿਕ ਖੇਤੀ ਅਤੇ ਮਿੱਟੀ ਪਰਖ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਭ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।