ਕ੍ਰਿਸ਼ੀ ਸੰਕਲਪ ਅਭਿਆਨ: ਸਮਰਾਲਾ ਬਲਾਕ ਦੇ ਪਿੰਡਾਂ ਵਿੱਚ ਕੈਂਪ
ਡੀਪੀਐੱਸ ਬੱਤਰਾ
ਸਮਰਾਲਾ, 15 ਜੂਨ
ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵੱਲੋਂ ਆਈਸੀਏਆਰ ਅਟਾਰੀ ਅਤੇ ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਕ੍ਰਿਸ਼ੀ ਸੰਕਲਪ ਅਭਿਆਨ-2025 ਤਹਿਤ 15 ਦਿਨਾਂ ਦੇ ਲੜੀਵਾਰ ਕੈਂਪ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ। ਇਨ੍ਹਾਂ ਕੈਂਪਾਂ ਦੀ ਮੁਹਿੰਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਦੇ ਮੁਖੀ ਡਾ. ਵਿਪਨ ਕੁਮਾਰ ਰਾਮਪਾਲ ਅਤੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਇੰਸਦਾਨਾਂ ਡਾ. ਜਗਦੀਪ ਕੌਰ, ਸਹਾਇਕ ਪ੍ਰੋਫੈਸਰ ਕੀਟ ਵਿਗਿਆਨ ਡਾ. ਪਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਡਾ. ਵੀਰਪ੍ਰਤਾਪ ਸਿੰਘ ਸਹਾਇਕ ਪ੍ਰੋ ਫਲ ਵਿਗਿਆਨ ਅਤੇ ਵੱਖ ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀਆਂ ਅਤੇ ਸਹਾਇਕ ਸਭਾਵਾਂ ਦੇ ਨੁਮਾਇੰਦਿਆਂ ਨੇ ਮਿਲ ਕੇ ਤਕਰੀਬਨ 50 ਪਿੰਡਾਂ ਵਿੱਚ ਕੈਂਪ ਲਗਾਏ ਗਏ ਅਤੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ। ਇਨ੍ਹਾਂ ਕੈਂਪਾਂ ਰਾਹੀਂ ਕਿਸਾਨਾਂ ਨਾਲ ਸਾਉਣੀ ਰੁੱਤ ਦੀਆਂ ਫ਼ਸਲਾਂ ਦੀਆਂ ਨਵੀਆਂ ਅਤੇ ਸੁਧਰੀਆਂ ਕਿਸਮਾਂ ਅਤੇ ਤਕਨੀਕਾਂ ਸਬੰਧੀ ਜਾਣਕਾਰੀ, ਝੋਨੇ ਦੀ ਸਮੇਂ ਸਿਰ ਲੁਆਈ, ਸਿੱਧੀ ਬਿਜਾਈ, ਮਿੱਟੀ ਪਰਖ ਦੀ ਮਹੱਤਤਾ ਅਤੇ ਨਮੂੰਨੇ ਲੈਣ ਦੇ ਢੰਗ, ਖਾਦਾਂ ਅਤੇ ਕੀਟ ਨਾਸ਼ਕਾਂ ਦੀ ਲੋੜ ਅਤੇ ਸਿਫਾਰਸ਼ਾਂ ਅਨੁਸਾਰ ਫਸਲਾਂ ਵਿੱਚ ਵਰਤੋਂ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸਤੋਂ ਇਲਾਵਾ ਝੋਨੇ ਦੀ ਫਸਲ ਵਿੱਚ ਪਾਣੀ ਦੀ ਬੱਚਤ, ਗਰਮੀ ਰੁੱਤ ਦੀਆਂ ਸਬਜੀਆਂ ਅਤੇ ਸਦਾ ਬਹਾਰ ਫਲਦਾਰ ਬੂਟਿਆਂ ਦੀ ਸਾਂਭ ਸੰਭਾਲ ਅਤੇ ਇਨ੍ਹਾਂ ਵਿੱਚ ਕੀੜੇ, ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਨੁਕਤੇ ਵੀ ਸਾਂਝੇ ਕੀਤੇ ਗਏ। ਇਨ੍ਹਾਂ ਕੈਂਪਾਂ ਦੌਰਾਨ ਪੇਂਡੂ ਸੁਆਣੀਆਂ ਨੂੰ ਵੀ ਯੂਨੀਵਰਸਿਟੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਚਲਾਏ ਜਾਂਦੇ ਕਿੱਤਾ ਮੁਖੀ ਸਿਖਲਾਈ ਕੋਰਸਾਂ ਰਾਹੀਂ ਸਵੈ-ਰੁਜ਼ਗਾਰ ਅਪਣਾ ਕੇ ਆਪਣੇ ਹੁਨਰ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ ਗਿਆ।