ਖਾਲਸਾ ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਸਿਰਸਾ ਦਾ ਸਨਮਾਨ
ਕੁਲਦੀਪ ਸਿੰਘ
ਨਵੀਂ ਦਿੱਲੀ, 8 ਮਈ
ਮਾਤਾ ਸੁੰਦਰੀ ਕਾਲਜ ਫਾਰ ਵਿਮੈਨ ਦਿੱਲੀ ਯੂਨੀਵਰਸਿਟੀ ਦੇ ਮਾਤਾ ਸਾਹਿਬ ਕੌਰ ਆਡੀਟੋਰੀਅਮ ਵਿੱਚ ਗੁਰੂ ਨਾਨਕ ਦੇਵ ਖਾਲਸਾ ਕਾਲਜ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਆਫ਼ ਕਾਮਰਸ ਦੇ ਸਹਿਯੋਗ ਨਾਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਾ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿੱਖ ਸਮਾਜ ਦੀ ਭਲਾਈ ਲਈ ਕੀਤੇ ਗਏ ਪੰਥਕ ਕਾਰਜਾਂ ਨੂੰ ਧਿਆਨ ਹਿੱਤ ਰੱਖਦਿਆਂ ਦਿੱਲੀ ਯੂਨੀਵਰਸਿਟੀ ਦੇ ਸਬੰਧਤ ਕਾਲਜਾਂ ਨੇ ਸਨਮਾਨ ਕਰਨ ਦਾ ਉੱਦਮ ਕੀਤਾ। ਸਮਾਗਮ ਦੀ ਸ਼ੁਰੂਆਤ ਵੇਲੇ ਮਾਤਾ ਸੁੰਦਰੀ ਕਾਲਜ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਵੱਲੋਂ ਮਨਜਿੰਦਰ ਸਿੰਘ ਸਿਰਸਾ ਦੀ ਸ਼ਖ਼ਸੀਅਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮਨਜਿੰਦਰ ਸਿਰਸਾ ਨੇ ਕਿਸਾਨ ਅੰਦੋਲਨ ਅਤੇ ਕਰੋਨਾ ਦੌਰਾਨ ਪ੍ਰਸ਼ੰਸਯੋਗ ਕੰਮ ਕੀਤਾ। ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਦੇ ਚੇਅਰਮੈਨ ਐੱਮਪੀਐੱਸ ਚੱਢਾ, ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਦੇ ਪ੍ਰਿੰਸੀਪਲ ਡਾ. ਜੀਬੀ ਸਿੰਘ ਨੇ ਸਿਰਸਾ ਦੇ ਜੀਵਨ ਬਾਰੇ ਚਾਨਣਾ ਪਾਇਆ। ਕੁਲਬੀਰ ਸਿੰਘ ਨੇ ਕਿਹਾ ਕਿ ਸਿਰਸਾ ਉੱਘੇ ਸਮਾਜ ਸੇਵਕ ਹੋਣ ਦੇ ਨਾਲ ਨਾਲ ਇਕ ਧਰਮ ਨਿਰਪੱਖ ਆਗੂ ਹਨ। ਮਨਜਿੰਦਰ ਸਿਰਸਾ ਨੇ ਸਭ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਦੱਸਿਆ। ਤਿੰਨਾਂ ਕਾਲਜਾਂ ਦੇ ਪ੍ਰਿੰਸੀਪਲਾਂ ਵੱਲੋਂ ਮਨਜਿੰਦਰ ਸਿਰਸਾ ਨੂੰ ਸਨਮਾਨਿਤ ਕੀਤਾ ਗਿਆ।