ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਧੂਮਧਾਮ ਨਾਲ ਮਨਾਈ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਅਪਰੈਲ
ਖ਼ਾਲਸਾ ਸਾਜਨਾ ਦਿਵਸ ਦਿੱਲੀ ਸਣੇ ਕੌਮੀ ਰਾਜਧਾਨੀ ਖੇਤਰ ਦਿੱਲੀ (ਐੱਨਸੀਆਰ) ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਵੱਖ-ਵੱਖ ਇਲਾਕਿਆਂ ਦੇ ਗੁਰਦੁਆਰਿਆਂ ਵਿੱਚ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿੱਚ ਮੁੱਖ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਢਾਡੀ ਜਥਿਆਂ ਨੇ ਵਾਰਾਂ ਗਾਈਆਂ। ਦਿੱਲੀ ਕਮੇਟੀ ਦੇ ਮੁੱਖ ਆਗੂਆਂ ਨੇ ਭਾਸ਼ਣ ਦਿੱਤੇ ਜੋ ਖਾਲਸਾ ਸਾਜਨਾ ਦਿਵਸ ਨਾਲ ਸਬੰਧਤ ਸਨ। ਦਿੱਲੀ ਦੇ ਸਥਾਨਕ ਗੁਰਦੁਆਰਿਆਂ ਵਿੱਚ ਵੀ ਵਿਸਾਖੀ ਨਾਲ ਸਬੰਧਤ ਸਰਗਰਮੀਆਂ ਜਾਰੀ ਰਹੀਆਂ। ਸੰਗਤਾਂ ਨੇ ਮਿਲਕੇ ਵਿਸਾਖੀ ਧੂਮਧਾਮ ਨਾਲ ਮਨਾਈ। ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਦਿੱਲੀ ਤੋਂ ਇਲਾਵਾ ਗੁਰੂਗ੍ਰਾਮ, ਗਾਜ਼ੀਆਬਾਦ, ਨੋਇਡਾ, ਪਲਵਲ, ਬੱਲਭਗੜ੍ਹ, ਸੋਨੀਪਤ ਵਿੱਚ ਵੀ ਵਿਸਾਖੀ ਨਾਲ ਸਬੰਧਤ ਸਮਾਗਮ ਉਲੀਕੇ ਗਏ ਜਿੱਥੇ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਸੰਗਤ ਨੇ ਗੁਰੂਘਰਾਂ ਦੇ ਸਰੋਵਰਾਂ ਇਸ਼ਨਾਨ ਕੀਤਾ।
ਫਰੀਦਾਬਾਦ (ਪੱਤਰ ਪ੍ਰੇਰਕ): ਸਥਾਨਕ ਸਿੰਘ ਸਭਾ ਸੈਕਟਰ -15 ਵੱਲੋਂ ਗੁਰਦੁਆਰੇ ਵਿੱਚ ਸਮਾਗਮ ਕਰਵਾਇਆ ਗਿਆ ਅਤੇ ਬੀਬੀਆਂ ਦੇ ਜੱਥੇ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਰਾਣਾ ਕੌਰ ਭੱਟੀ ਨੇ ਦੱਸਿਆ ਕਿ ਇਲਾਕੇ ਦੀ ਸੰਗਤ ਦੀ ਭਰਵੀਂ ਹਾਜ਼ਰੀ ਰਹੀ ਅਤੇ ਨਵੀਂ ਪਨੀਰੀ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ। ਐੱਨਸੀਆਰ ਦੇ ਸ਼ਹਿਰ ਫਰੀਦਾਬਾਦ ਵਿੱਚ ਬੰਨੂੰ ਬਿਰਾਦਰੀ ਨੇ ਮਿਲ ਕੇ ਧੂਮਧਾਮ ਕਾਲਜ ਵਿੱਚ ਵਿਸ਼ੇਸ਼ ਪੰਜਾਬੀ ਸਮਾਗਮ ਕਰਵਾਇਆ।
ਸਥਾਨਕ ਕੌਂਸਲਰ ਜਸਵੰਤ ਸਿੰਘ ਨਾਗਰਾ ਨੇ ਦੱਸਿਆ ਕਿ ਮੋਹਨ ਸਿੰਘ ਭਾਟੀਆ ਅਤੇ ਰਾਕੇਸ਼ ਭਾਟੀਆ ਦੇ ਉਦਮ ਸਦਕਾ ਪੰਜਾਬੀ ਸੱਭਿਆਚਾਰ ਨਾਲ ਭਰਪੂਰ ਸਮਾਗਮ ਸਿਰਜਿਆ ਗਿਆ। ਟੀਮਾਂ ਵੱਲੋਂ ਪੰਜਾਬੀ ਭੰਗੜਾ ਪੇਸ਼ ਕੀਤਾ ਗਿਆ। ਜਵਾਹਰ ਕਲੋਨੀ, ਐੱਨਆਈ ਟੀ ਨੰਬਰ ਇੱਕ ਦੋ, ਤਿੰਨ ਅਤੇ ਪੰਜ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਵਿਸਾਖੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕੀਤੇ ਗਏ। ਜ਼ਿਕਰਯੋਗ ਹੈ ਕਿ ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਵਿੱਚ ਸੌ ਤੋਂ ਵੱਧ ਗੁਰਦੁਆਰੇ ਹਨ।
ਭਾਜਪਾ ਆਗੂ ਤਰੁਣ ਚੁੱਘ ਗੁਰਦੁਆਰਾ ਸ੍ਰੀ ਰਕਾਬਗੰਜ ਹੋਏ ਨਤਮਸਤਕ
ਨਵੀਂ ਦਿੱਲੀ (ਪੱਤਰ ਪ੍ਰੇਰਕ): ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਮੌਕੇ ਭਾਰਤੀ ਜਨਤਾ ਪਾਰਟੀ ਦੇ ਨੈਸ਼ਨਲ ਜਨਰਲ ਸਕੱਤਰ ਤਰੁੱਣ ਚੁੱਘ ਅੱਜ ਗੁਰਦੁਆਰਾ ਸ੍ਰੀ ਰਕਾਬਗੰਜ ਦਿੱਲੀ ਵਿੱਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਮੂਹ ਸਿੱਖ ਕੌਮ ਅਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 326 ਸਾਲ ਪਹਿਲਾਂ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਘਰ ਵਿੱਚ ਇਹ ਅਰਦਾਸ਼ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੀ ਚਮਕ ਪੂਰੇ ਵਿਸ਼ਵ ਵਿੱਚ ਹੋਰ ਵਧੇ।
ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ’ਚ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ
ਨਰਾਇਣਗੜ੍ਹ (ਫਰਿੰਦਰ ਪਾਲ ਗੁਲਿਆਣੀ): ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਦੇ ਹਜ਼ੂਰੀ ਰਾਗੀ ਅਮਰਜੀਤ ਸਿੰਘ, ਭਾਈ ਸੁਖਚੈਨ ਸਿੰਘ, ਰਾਗੀ ਜਗਤਾਰ ਸਿੰਘ, ਕਥਾਵਾਚਕ ਸਤਨਾਮ ਸਿੰਘ ਪੰਜੋਖਰਾ ਸਾਹਿਬ, ਰਾਗੀ ਲਖਵਿੰਦਰ ਸਿੰਘ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਲੁਧਿਆਣਾ ਸਮੇਤ ਹੋਰ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਰਾਗੀ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਕਥਾਵਾਚਕ ਸਤਨਾਮ ਸਿੰਘ ਪੰਜੋਖਰਾ ਸਾਹਿਬ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਖਾਲਸਾ ਪੰਥ ਦੀ ਸਥਾਪਨਾ ਕਰਦੇ ਹੋਏ ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖਸ਼ੀ ਅਤੇ ਗੁਰੂ ਵਾਲੇ ਬਣਾਇਆ। ਰਾਗੀ ਜਥਿਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਜਾਪ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਨੇ ਸਿਰੋਪੇ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ। ਇਸ ਮੌਕੇ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ।