ਖਾਲਸਾ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ ਸਜਾਇਆ
ਪੱਤਰ ਪ੍ਰੇਰਕ
ਚੰਡੀਗੜ੍ਹ, 11 ਅਪਰੈਲ
ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਦੇ ਸ਼ੁਭ ਅਵਸਰ ਮੌਕੇ ਵਿਸ਼ਾਲ ਨਗਰ ਕੀਰਤਨ ਅੱਜ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 29-ਡੀ ਚੰਡੀਗੜ੍ਹ ਤੋਂ ਕੱਢਿਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਕੱਢਿਆ ਗਿਆ ਇਹ ਨਗਰ ਕੀਰਤਨ ਸੈਕਟਰ 29, 30, ਆਈਟੀਆਈ-28, ਗੁਰਦੁਆਰਾ ਨਾਨਕਸਰ ਸਾਹਿਬ ਸਮੇਤ ਵੱਖ-ਵੱਖ ਸੈਕਟਰਾਂ ਦੀਆਂ ਮਾਰਕੀਟਾਂ ਵਿੱਚੋਂ ਦੀ ਹੁੰਦਾ ਹੋਇਆ ਸੈਕਟਰ 23 ਦੇ ਗੁਰਦੁਆਰਾ ਸਾਹਿਬ ਜਾ ਕੇ ਸੰਪੂਰਨ ਹੋਇਆ। ਸਮੂਹ ਗੁਰਦੁਆਰਾ ਸੰਗਠਨ ਦੇ ਚੇਅਰਮੈਨ ਤਾਰਾ ਸਿੰਘ, ਸਕੱਤਰ ਜਨਰਲ ਰਘੁਬੀਰ ਸਿੰਘ ਰਾਮਪੁਰ, ਗੁਰਦੁਆਰਾ ਸਾਹਿਬ ਸੈਕਟਰ 34 ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਵੰਤ ਸਿੰਘ ਗਿੱਲ, ਗੁਰਦੁਆਰਾ ਸੈਕਟਰ 7 ਦੇ ਪ੍ਰਧਾਨ ਹਰਪ੍ਰੀਤ ਸਿੰਘ, ਗੁਰਦੁਆਰਾ ਸੈਕਟਰ 40 ਦੇ ਪ੍ਰਧਾਨ ਜਸਵੀਰ ਸਿੰਘ ਵੀ ਸ਼ਾਮਲ ਹੋਏ। ਸੰਗਤ ਵੱਲੋਂ ਨਗਰ ਕੀਰਤਨ ਦਾ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ। ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸਤਰੀ ਸਤਿਸੰਗ ਜਥੇ ਵੱਲੋਂ ਵੀ ਮਨਮੋਹਕ ਕੀਰਤਨ ਕੀਤਾ ਗਿਆ। ਗਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ ਅਤੇ ਇੱਕ ਵਿਸ਼ੇਸ਼ ਟਰੱਕ ਉੱਤੇ ਸਿੱਖ ਇਤਿਹਾਸ ਦੀਆਂ ਕੁਰਬਾਨੀਆਂ ਦਰਸਾਉਂਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ। ਸ੍ਰੀ ਗੁਰੂ ਸਿੰਘ ਸਭਾ ਸੈਕਟਰ 29-ਡੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ 11 ਅਪਰੈਲ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਵੀ ਅਰੰਭ ਕਰ ਦਿੱਤੇ ਗਏ ਹਨ ਜਿਨ੍ਹਾਂ ਦੇ ਭੋਗ 13 ਅਪਰੈਲ ਨੂੰ ਪਾਏ ਜਾਣਗੇ ਅਤੇ ਉਸੇ ਦਿਨ ਅੰਮ੍ਰਿਤ ਸੰਚਾਰ ਵੀ ਹੋਵੇਗਾ।
ਗੁਰਦੁਆਰਾ ਗੁਰਸਾਗਰ ਸਾਹਿਬ ’ਚ ਪ੍ਰੋਗਰਾਮ ਆਰੰਭ
ਚੰਡੀਗੜ੍ਹ (ਪੱਤਰ ਪ੍ਰੇਰਕ): ਗੁਰਦੁਆਰਾ ਗੁਰਸਾਗਰ ਸਾਹਿਬ ਚੰਡੀਗੜ੍ਹ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਧਾਰਮਿਕ ਪ੍ਰੋਗਰਾਮ ਸ਼ੁਰੂ ਹੋ ਗਏ ਹਨ ਜਿਸ ਦੇ ਮੱਦੇਨਜ਼ਰ ਕੀਰਤਨ ਪ੍ਰਵਾਹ ਜਾਰੀ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਿਤਪਾਲ ਸਿੰਘ ਅਤੇ ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਦੇ ਉਪਰਾਲੇ ਸਦਕਾ 9 ਤੋਂ 13 ਅਪਰੈਲ ਤੱਕ ਲਾਇਆ ਜਾ ਰਿਹਾ ਹੈ। ਜਗਜੀਤ ਸਿੰਘ ਛੜਬੜ ਨੇ ਦੱਸਿਆ ਕਿ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।