ਖਾਲੀ ਭਾਂਡਾ ਜ਼ਿਆਦਾ ਖੜਕਦੈ: ਬਿੱਟੂ
ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਲੁਧਿਆਣਾ/ਨਵੀਂ ਦਿੱਲੀ, 26 ਮਾਰਚ
ਖਾਲੀ ਭਾਂਡਾ ਜ਼ਿਆਦਾ ਖੜਕਦਾ ਹੈ, ਇਹ ਕਹਾਵਤ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਢੁਕਵੀਂ ਲਾਗੂ ਹੁੰਦੀ ਹੈ। ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਮਜ਼ਾਕ ਉਡਾਇਆ ਹੈ। ਇਹ ਵਿਚਾਰ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਪ੍ਰਗਟਾਏ। ਬਿੱਟੂ ਨੇ ਕਿਹਾ ਕਿ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀ ਹੈ।
ਸਿਰਫ਼ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਨੇ ਸੂਬੇ ਦੇ ਕਰਜ਼ੇ ਵਿੱਚ ਲਗਪਗ 1 ਲੱਖ ਕਰੋੜ ਰੁਪਏ ਦਾ ਵਾਧਾ ਕੀਤਾ ਹੈ ਜੋ ਕਿ ਪਿਛਲੇ 30 ਸਾਲਾਂ ਵਿੱਚ ਇਕੱਠੇ ਹੋਏ 3 ਲੱਖ ਕਰੋੜ ਰੁਪਏ ਦੇ ਬਰਾਬਰ ਹੈ। ਵੱਧ ਰਹੇ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਜਟ ਵਿੱਚ ਕੋਈ ਗੱਲ ਨਹੀਂ ਹੈ। ਮੁੱਖ ਮੰਤਰੀ ਮਾਨ ਨੇ ਮਾਲਵਾ ਨਹਿਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਇਲਾਕੇ ਵਿੱਚ ਸਿੰਜਾਈ ਨੂੰ ਵਧੀਆ ਬਣਾਉਣ ਦਾ ਵਾਅਦਾ ਕੀਤਾ। ਹਾਲਾਂਕਿ, ਹੈਰਾਨੀ ਦੀ ਗੱਲ ਹੈ ਕਿ 2025 ਦੇ ਬਜਟ ਵਿੱਚ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਕੋਈ ਫੰਡ ਨਹੀਂ ਦਿੱਤੇ ਗਏ। ਲੱਖਾਂ ਨੌਕਰੀਆਂ ਪੈਦਾ ਕਰਨ ਦਾ ‘ਆਪ’ ਦਾ ਵਾਅਦਾ ਪੂਰਾ ਨਹੀਂ ਹੋਇਆ ਹੈ ਅਤੇ ਸੂਬੇ ਵਿੱਚ ਬੇਰੁਜ਼ਗਾਰੀ ਵੱਧ ਰਹੀ ਹੈ। ਬਜਟ ਵਿੱਚ ਸਿੱਖਿਆ, ਸਿਹਤ ਤੇ ਸਨਅਤਾਂ ਤਿੰਨਾਂ ਨੂੰ ਹੀ ਅਣਗੋਲਿਆ ਕੀਤਾ ਗਿਆ ਹੈ।