ਖੇਡ ਮੈਦਾਨਾਂ ਦਾ ਕੰਮ ਮਾਰਚ ਤੱਕ ਮੁਕੰਮਲ ਕਰਨ ਦੇ ਹੁਕਮ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 6 ਜਨਵਰੀ
ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਚੱਲ ਰਹੇ ਪੇਂਡੂ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਆਪਣੇ ਨਵੇਂ ਸਾਲ ਦੇ ਸੰਕਲਪ ਦੀ ਲਗਾਤਾਰਤਾ ਵਿੱਚ ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਮਾਰਚ 2025 ਤੱਕ ਖ਼ਤਮ ਹੋਣ ਜਾ ਰਿਹਾ ਹੈ, ਇਸ ਲਈ ਮੀਟਿੰਗ ਦਾ ਉਦੇਸ਼ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਹੈ।
ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਉਨ੍ਹਾਂ ਨੂੰ ਚੱਲ ਰਹੇ ਕੰਮਾਂ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ, ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਮਾਰਚ ਦੇ ਅੰਤ ਤੋਂ ਪਹਿਲਾਂ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਗਤੀ ਤੇਜ਼ ਕਰਨ ਲਈ ਕਿਹਾ। ਡੀਸੀ ਨੇ ਮਾਰਚ 2025 ਦੀ ਨਿਰਧਾਰਿਤ ਸਮਾਂ ਸੀਮਾ ਤੱਕ ਕੁੱਲ ’ਚੋਂ ਅੱਧੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਸੰਪੂਰਨਤਾ ਕਰਨ ’ਤੇ ਜ਼ੋਰ ਦਿੱਤਾ। ਜ਼ਿਲ੍ਹੇ ਵਿੱਚ ਕੁੱਲ 154 ਖੇਡ ਮੈਦਾਨ ਬਣਾਏ ਜਾਣ ਦੀ ਯੋਜਨਾ ਸੀ ਤੇ ਹੁਣ ਤੱਕ 76 ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀਆਂ ਨੂੰ ਮਾਰਚ ਦੇ ਅੰਤ ਤੱਕ ਮੁਕੰਮਲ ਕੀਤਾ ਜਾਵੇ। ਮਨਰੇਗਾ ਤਹਿਤ 18 ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਉਸਾਰੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਵਿਭਾਗ ਨੂੰ ਇਨ੍ਹਾਂ ਦੀ ਗਿਣਤੀ ਵਧਾ ਕੇ 26 ਕਰਨ ਲਈ ਕਿਹਾ।