ਖੇਤੀਬਾੜੀ ਮਾਹਿਰਾਂ ਵੱਲੋਂ ਸਰ੍ਹੋਂ ਦੀ ਫ਼ਸਲ ਦਾ ਨਿਰੀਖਣ
ਪੱਤਰ ਪ੍ਰੇਰਕ
ਮਾਨਸਾ, 14 ਜਨਵਰੀ
ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਪਿੰਡ ਤਾਮਕੋਟ ਵਿੱਚ ਸਰ੍ਹੋਂ ਦੇ ਖੇਤਾਂ ਦਾ ਦੌਰਾ ਕਰਕੇ ਫ਼ਸਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਰ੍ਹੋਂ ਦੀ ਫ਼ਸਲ ’ਤੇ ਕਿਸੇ ਤਰ੍ਹਾਂ ਦੀ ਬਿਮਾਰੀ ਜਾਂ ਕੀੜੇ-ਮਕੌੜੇ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਵਾਇਤੀ ਫ਼ਸਲਾਂ ਹੇਠੋਂ ਰਕਬਾ ਘਟਾਉਣ ਅਤੇ ਤੇਲ ਬੀਜ ਫ਼ਸਲਾਂ ਹੇਠ ਰਕਬਾ ਵਧਾਉਣ। ਉਨ੍ਹਾਂ ਕਿਹਾ ਕਿ ਜੇ ਫ਼ਸਲ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ ਜਾਂ ਕੀੜੇ-ਮਕੌੜੇ ਦਾ ਹਮਲਾ ਵੇਖਿਆ ਜਾਂਦਾ ਹੈ ਤਾਂ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ-ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਸਿਫਾਰਸ਼ਸ਼ੁਦਾ ਕੀੜੇਮਾਰ ਦਵਾਈਆਂ ਦਾ ਛਿੜਕਾਅ ਕਰ ਕੇ ਹਮਲੇ ਨੂੰ ਕੰਟਰੋਲ ਕੀਤਾ ਜਾ ਸਕੇ। ਇਸ ਮੌਕੇ ਡਾ. ਹਰਬੰਸ ਸਿੰਘ, ਡਾ. ਜਸਲੀਨ ਕੌਰ ਧਾਲੀਵਾਲ, ਡਾ. ਸ਼ਗਨਦੀਪ ਕੌਰ, ਮਨਪ੍ਰੀਤ ਸਿੰਘ, ਗੁਰਬਖਸ਼ ਸਿੰਘ ਅਤੇ ਪਰਾਗਦੀਪ ਸਿੰਘ ਮੌਜੂਦ ਸਨ।