ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬੀਜ ਡੀਲਰਾਂ ਦੀ ਜਾਂਚ
ਐੱਸਏਐੱਸ ਨਗਰ (ਮੁਹਾਲੀ), 17 ਅਪਰੈਲ
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਬੀਜ ਡੀਲਰਾਂ ਨੂੰ ਝੋਨੇ ਦੀ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿੱਕਰੀ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਸੀਜ਼ਨ-2025 ਲਈ ਝੋਨੇ ਦੀ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਦੀ ਵਿੱਕਰੀ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਲਈ ਬਕਾਇਦਾ ਤੌਰ ਇਨ੍ਹਾਂ ਕਿਸਮਾਂ ਦੀ ਬਿਜਾਈ ਨੂੰ ਰੋਕਣ ਦੇ ਮੰਤਵ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮਾਮਲੇ ਵਿੱਚ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਬੀਜ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਬੀਜਾਂ ਦੀ ਗੁਣਵੱਤਾ ਚੈੱਕ ਕਰਨ ਲਈ ਬੀਜਾਂ ਦੇ ਸੈਂਪਲ ਵੀ ਭਰੇ ਗਏ।
ਡਾ. ਗੁਰਮੇਲ ਸਿੰਘ ਨੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਬੈਨ ਕੀਤੀਆਂ ਕਿਸਮਾਂ ਦੀ ਵਿਕਰੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬੀਜ ਐਕਟ 1966, ਬੀਜ ਨਿਯਮ 1968 ਅਤੇ ਬੀਜ ਕੰਟਰੋਲ ਆਦੇਸ਼ 1983 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।